ਵਾਸ਼ਿੰਗਟਨ : ਅਮਰੀਕਾ ਵਿੱਚ ਰਾਸ਼ਟਰਪਤੀ ਦੀ ਸੁਰੱਖਿਆ ‘ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਵ੍ਹਾਈਟ ਹਾਊਸ ਦੇ ਨੇੜੇ ਅਚਾਨਕ ਗੋਲੀਆਂ ਦੀ ਆਵਾਜ਼ ਗੂੰਜ ਕਾਰਨ ਇਲਾਕੇ ਵਿੱਚ ਹਫੜਾ ਦਫੜੀ ਮਚ ਗਈ। ਇਸ ਦਾ ਕਾਰਨ ਇੱਕ ਹਥਿਆਰਬੰਦ ਵਿਅਕਤੀ ਸੀ ਜੋ ਉੱਥੇ ਪਹੁੰਚ ਗਿਆ ਸੀ ਅਤੇ ਉਸ ਨੇ ਸੀਕਰੇਟ ਸਰਵਿਸ ਦੇ ਏਜੰਟਾਂ ‘ਤੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿੱਚ ਉਸ ਨੂੰ ਗੋਲੀ ਮਾਰ ਦਿੱਤੀ ਗਈ। ਸੁਰੱਖਿਆ ਏਜੰਸੀਆਂ ਤੁਰੰਤ ਚੌਕਸ ਹੋ ਗਈਆਂ।
ਵੱਡੀ ਗੱਲ ਇਹ ਸੀ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਪ-ਰਾਸ਼ਟਰਪਤੀ ਦਾ ਕਾਫਲਾ ਅਜੇ ਉੱਥੋਂ ਲੰਘਿਆ ਹੀ ਸੀ। ਅਜੇ ਕੁਝ ਦਿਨ ਪਹਿਲਾਂ ਹੀ ਇੱਕ ਪ੍ਰੋਗਰਾਮ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਹੋਈ ਸੀ । ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਜਾਂਚ ਏਜੰਸੀਆਂ ਹੁਣ ਹਰ ਪਹਿਲੂ ਨੂੰ ਬਾਰੀਕੀ ਨਾਲ ਖੰਗਾਲ ਰਹੀਆਂ ਹਨ।
ਅਧਿਕਾਰੀਆਂ ਨੇ ਗੋਲੀ ਲੱਗਣ ਵਾਲੇ ਵਿਅਕਤੀ ਦੀ ਪਛਾਣ ਜਾਂ ਉਸਦੀ ਹਾਲਤ ਬਾਰੇ ਤੁਰੰਤ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਘਟਨਾ ਦੇ ਸਮੇਂ ਰਾਸ਼ਟਰਪਤੀ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਇੱਕ ਬਿਜ਼ਨਸ ਈਵੈਂਟ ਦੀ ਮੇਜ਼ਬਾਨੀ ਕਰ ਰਹੇ ਸਨ।
ਯੂ.ਐੱਸ. ਸੀਕਰੇਟ ਸਰਵਿਸ ਦੇ ਡਿਪਟੀ ਡਾਇਰੈਕਟਰ ਮੈਥਿਊ ਕੁਵਿਨ ਨੇ ਦੱਸਿਆ ਕਿ ਇਹ ਗੋਲੀਬਾਰੀ ‘ਨੈਸ਼ਨਲ ਮਾਲ’ ਦੇ ਨੇੜੇ ਹੋਈ। ਕੁਵਿਨ ਨੇ ਜਾਣਕਾਰੀ ਦਿੱਤੀ ਕਿ ਇਹ ਘਟਨਾ ਉਦੋਂ ਸ਼ੁਰੂ ਹੋਈ ਜਦੋਂ ਸੀਕਰੇਟ ਸਰਵਿਸ ਦੇ ਏਜੰਟਾਂ ਨੇ ਇੱਕ “ਸ਼ੱਕੀ ਵਿਅਕਤੀ” ਨੂੰ ਦੇਖਿਆ, ਜਿਸ ਕੋਲ ਹਥਿਆਰ ਹੋਣ ਦਾ ਸ਼ੱਕ ਸੀ। ਜਦੋਂ ਅਧਿਕਾਰੀਆਂ ਨੇ ਉਸ ਵਿਅਕਤੀ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਪੈਦਲ ਹੀ ਭੱਜਣ ਲੱਗਾ। ਇਸ ਤੋਂ ਬਾਅਦ ਉਸ ਨੇ ਆਪਣਾ ਹਥਿਆਰ ਕੱਢ ਲਿਆ ਅਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਸੀਕਰੇਟ ਸਰਵਿਸ ਦੇ ਏਜੰਟਾਂ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਜਿਸ ਦੌਰਾਨ ਸ਼ੱਕੀ ਵਿਅਕਤੀ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਹਾਲਤ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਸੁਰੱਖਿਅਤ ਹਨ ਅਤੇ ਵ੍ਹਾਈਟ ਹਾਊਸ ਦੀ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਸੰਨ੍ਹ ਨਹੀਂ ਲੱਗੀ ਹੈ। ਘਟਨਾ ਵਾਲੀ ਥਾਂ ਦੀ ਜਾਂਚ ਦੌਰਾਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਆਰਜ਼ੀ ਤੌਰ ‘ਤੇ ਸੀਲ ਕਰ ਦਿੱਤਾ ਸੀ। ਅਧਿਕਾਰੀਆਂ ਨੇ ਵ੍ਹਾਈਟ ਹਾਊਸ ਦੇ ਨੇੜਲੀਆਂ ਸੜਕਾਂ ਨੂੰ ਵੀ ਕੁਝ ਸਮੇਂ ਲਈ ਬੰਦ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

