ਗੁਰਦਾਸਪੁਰ : ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਏ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਥੇ ਹਮਲਾਵਰਾਂ ਨੇ ਇੱਕ ਘਰ ਦੇ ਮੈਂਬਰਾਂ ‘ਤੇ ਗੋਲੀਬਾਰੀ ਕੀਤੀ ਅਤੇ ਇੱਕ ਟਰੈਕਟਰ ਦੀ ਵੀ ਭੰਨਤੋੜ ਕੀਤੀ। ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਥੋਂ 3 ਖਾਲੀ ਕਾਰਤੂਸ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਤੋਂ ਘਰ ਪਰਤ ਰਹੇ ਸਨ। ਰਸਤੇ ਵਿੱਚ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਮਾਮੂਲੀ ਤਕਰਾਰ ਤੋਂ ਬਾਅਦ ਉਹ ਵਾਪਸ ਆਪਣੇ ਘਰ ਆ ਗਿਆ ਅਤੇ ਕੁਝ ਸਮੇਂ ਬਾਅਦ ਨੌਜਵਾਨ ਆਪਣੇ ਦੋਸਤਾਂ ਸਮੇਤ ਉਸ ਦੇ ਘਰ ਆ ਗਿਆ। ਉਨ੍ਹਾਂ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖੁਸ਼ਕਿਸਮਤੀ ਨਾਲ ਉਹ ਸਾਰੇ ਬਚ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਸਬੰਧੀ ਮੌਕੇ ‘ਤੇ ਪਹੁੰਚੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ‘ਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।