ਫ਼ਿਰੋਜ਼ਪੁਰ ਵਿੱਚ ਖ਼ੂਨੀ ਵਾਰਦਾਤ: AAP ਆਗੂ ਗੁਰਪ੍ਰੀਤ ਸਿੰਘ ਦੀ ਮੌਤ, ਨਗਰ ਪੰਚਾਇਤ ਪ੍ਰਧਾਨ ਵਾਲ-ਵਾਲ ਬਚੇ

Global Team
3 Min Read

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਬੀਤੀ ਰਾਤ ਆਮ ਆਦਮੀ ਪਾਰਟੀ ਦੇ ਇੱਕ ਆਗੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਦੌਰਾਨ ਆਪ ਆਗੂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ ਇੱਕ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਸ਼ਨਾਖ਼ਤ 45 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ 22 ਸਾਲਾ ਹਰਪ੍ਰੀਤ ਸਿੰਘ ਇਸ ਹਮਲੇ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਮ੍ਰਿਤਕ ਦਾ ਪਰਿਵਾਰਕ ਤੇ ਸਿਆਸੀ ਪਿਛੋਕੜ

ਗੁਰਪ੍ਰੀਤ ਸਿੰਘ ਕੋਲ ਪਾਰਟੀ ਵਿੱਚ ਕੋਈ ਰਸਮੀ ਅਹੁਦਾ ਨਹੀਂ ਸੀ, ਪਰ ਉਹ ਨਗਰ ਪੰਚਾਇਤ ਚੋਣਾਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹੇ ਸਨ। ਉਨ੍ਹਾਂ ਦੀ ਭਰਜਾਈ ਵਾਰਡ ਨੰਬਰ 5 ਤੋਂ ਮੌਜੂਦਾ ਕੌਂਸਲਰ ਹਨ। ਪਰਿਵਾਰ ਵਿੱਚ ਉਨ੍ਹਾਂ ਦੇ ਦੋ ਬੱਚੇ ਹਨ ਅਤੇ ਉਨ੍ਹਾਂ ਦੀ ਪਤਨੀ ਦਾ ਕਰੀਬ ਡੇਢ ਸਾਲ ਪਹਿਲਾਂ ਦਿਹਾਂਤ ਹੋ ਚੁੱਕਾ ਹੈ।

ਮੋਟਰਸਾਈਕਲ ਦਾ ਪਿੱਛਾ ਕਰ ਕੇ ਕੀਤੀ ਗਈ ਫਾਇਰਿੰਗ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਅਤੇ ਹਰਪ੍ਰੀਤ ਸਿੰਘ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸੇ ਦੌਰਾਨ ਕਾਰ ਵਿੱਚ ਆਏ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਗੁਰਪ੍ਰੀਤ ਦੇ ਕੁਝ ਹੋਰ ਸਾਥੀ ਵੀ ਇੱਕ ਵੱਖਰੀ ਕਾਰ ਵਿੱਚ ਉਨ੍ਹਾਂ ਦੇ ਪਿੱਛੇ ਚੱਲ ਰਹੇ ਸਨ।

ਹਮਲਾਵਰਾਂ ਨੇ ਪਿੱਛੇ ਆ ਰਹੀ ਉਸ ਕਾਰ ਨੂੰ ਵੀ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ, ਜਿਸ ਵਿੱਚ ਨਗਰ ਪੰਚਾਇਤ ਦੇ ਪ੍ਰਧਾਨ ਰਾਜੇਸ਼ ਕੁਮਾਰ ਮੈਨੀ ਮੌਜੂਦ ਸਨ। ਹਾਲਾਂਕਿ, ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸ਼ਨੀਵਾਰ ਰਾਤ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਪੁਲਿਸ ਅਨੁਸਾਰ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਚੋਣ ਰੰਜਿਸ਼ ਕਾਰਨ ਹੋਇਆ ਹਮਲਾ, ਮੁਲਜ਼ਮਾਂ ਦੀ ਭਾਲ ਤੇਜ਼

ਘਟਨਾ ਵਾਲੀ ਥਾਂ ‘ਤੇ ਪਹੁੰਚੇ ਫ਼ਿਰੋਜ਼ਪੁਰ ਦੇ ਐੱਸਐੱਸਪੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਝਗੜਾ ਚੋਣਾਂ ਦੀ ਆਪਸੀ ਰੰਜਿਸ਼ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਪਰ ਫਿਲਹਾਲ ਇਸ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

ਪੁਲਿਸ ਅਧਿਕਾਰੀ ਮੁਤਾਬਕ ਮੁੱਖ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਹ ਗ਼ੈਰ-ਕਾਨੂੰਨੀ ਕੰਮਾਂ ਵਿੱਚ ਸ਼ਾਮਲ ਰਿਹਾ ਹੈ। ਪੁਲਿਸ ਦੀਆਂ ਟੀਮਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

Share This Article
Leave a Comment