ਡੇਰਾ ਬਾਬਾ ਨਾਨਕ: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਦੇ ਪ੍ਰਤੀਕ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹੇ ਹੋਏ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਕੋਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੇ ਬੰਦ ਕਰ ਦਿੱਤਾ ਸੀ। ਪਾਕਿਸਤਾਨ ਸਰਕਾਰ ਨੇ ਆਪਣੇ ਵਾਲੇ ਪਾਸੇ ਤੋਂ ਲਾਂਘਾ ਖੋਲ੍ਹ ਦਿੱਤਾ ਹੈ ਪਰ ਭਾਰਤ ਸਰਕਾਰ ਨੇ ਹਾਲੇ ਤਕ ਕੋਰੀਡੌਰ ਖੋਲ੍ਹਣ ਦਾ ਫੈਸਲਾ ਨਹੀਂ ਲਿਆ ਹੈ।
ਅੱਜ ਤੋਂ ਇੱਕ ਸਾਲ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਰੌਣਕ ਦੇਖਣ ਨੂੰ ਮਿਲ ਰਹੀ ਸੀ, ਅੱਜ ਮਾਹੌਲ ਇਹ ਹੈ ਕਿ ਸੰਗਤ ਇੱਥੇ ਪਹੁੰਚ ਤਾਂ ਰਹੀ ਹੈ ਪਰ ਨਿਰਾਸ਼ ਵਾਪਸ ਆ ਰਹੀ ਹੈ। ਇਸ ਦੌਰਾਨ ਸੰਗਤਾਂ ਨੇ ਭਾਰਤ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਕਰਤਾਰਪੁਰ ਦਾ ਲਾਂਘਾ ਜਲਦ ਤੋਂ ਜਲਦ ਖੋਲ੍ਹਿਆ ਜਾਵੇ।
30 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆਂ ਭਰ ‘ਚ ਮਨਾਇਆ ਜਾਣਾ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਇੱਕ ਵਾਰ ਮੁੜ ਤੋਂ ਨਾਨਕ ਨਾਮ ਲੇਵਾ ਸੰਗਤ ਅਰਦਾਸ ਕਰ ਰਹੀ ਹੈ ਕਿ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਰਸਤਾ ਖੋਲ੍ਹਿਆ ਜਾਵੇ। ਕਿਉਂਕਿ ਵੱਡੀ ਗਿਣਤੀ ‘ਚ ਸਿੱਖ ਸੰਗਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਦੀਆਂ ਹਨ।