ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।
ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਗੁਰਜੀਤ ਸਿੰਘ ਔਲਖ, ਕੈਬਨਿਟ ਮੰਤਰੀ ਰਾਣਾ ਸੋਢੀ ਵੀ ਹਾਜ਼ਰ ਸਨ।
ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।