ਫ਼ਿਨਲੈਂਡ ਸਿਖਲਾਈ ਲਈ ਅਧਿਆਪਕਾਂ ਦੇ ਦੂਜੇ ਬੈਚ ਨੂੰ CM ਨੇ ਦਿੱਤੀ ਹਰੀ ਝੰਡੀ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ ਨੂੰ ਫ਼ਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਹੋਰਨਾਂ ਪਾਰਟੀਆਂ ਦੇ ਸਿਆਸੀ ਏਜੰਡਿਆਂ ਵਿੱਚ ਕੇਂਦਰੀ ਧੁਰਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਇਨ੍ਹਾਂ ਮੁੱਖ ਖੇਤਰਾਂ ਬਾਰੇ ਕਦੇ ਚਿੰਤਾ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਹੁਣ ਤੱਕ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ ਸਿੰਗਾਪੁਰ ਅਤੇ 72 ਪ੍ਰਾਇਮਰੀ ਕਾਡਰ ਅਧਿਆਪਕਾਂ ਨੂੰ ਫ਼ਿਨਲੈਂਡ ਦੇ ਤੁਰਕੂ ਵਿਖੇ ਭੇਜਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 152 ਹੈੱਡਮਾਸਟਰ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਆਈ.ਆਈ.ਐਮ ਅਹਿਮਦਾਬਾਦ ਵੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਇਹ ਅਧਿਆਪਕ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਨਾਲ ਲੈਸ ਹੋ ਕੇ ਆਉਂਦੇ ਹਨ ਅਤੇ ਵਾਪਸੀ ‘ਤੇ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਬਣਦਾ ਹੈ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਮਿਲ ਰਹੀ ਸਿੱਖਿਆ ਦੇ ਪੈਟਰਨ ਤੋਂ ਜਾਣੂ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਅਹਿਮ ਮਾਰਗ-ਦਰਸ਼ਕ ਪਹਿਲ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰ ਰਹੀ ਹੈ, ਜਿਸ ਨਾਲ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਮੌਜੂਦਾ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਉਪਰਾਲਾ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਜ਼ਰੂਰੀ ਤੇ ਲੋੜੀਂਦੀ ਗੁਣਾਤਮਕ ਤਬਦੀਲੀ ਵੇਖਣ ਨੂੰ ਮਿਲੀ ਹੈ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਸਿਰਫ਼ ਯੋਗਤਾ ਦੇ ਆਧਾਰ ‘ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ ਤਾਂ ਜੋ ਸਿਰਫ਼ ਯੋਗ ਅਧਿਆਪਕਾਂ ਨੂੰ ਹੀ ਵਿਦੇਸ਼ ਜਾਣ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਅਧਿਆਪਕਾਂ ਨੂੰ ਹੀ ਵਿਦੇਸ਼ਾਂ ਵਿੱਚ ਇਸ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਂਦਾ ਹੈ, ਜਿਨ੍ਹਾਂ ਦੀ ਸਿਫ਼ਾਰਿਸ਼ ਉਨ੍ਹਾਂ ਵੱਲੋਂ ਪੜ੍ਹਾਏ ਜਾਣ ਵਾਲੇ ਘੱਟੋ-ਘੱਟ 10 ਵਿਦਿਆਰਥੀਆਂ ਵੱਲੋਂ ਕੀਤੀ ਗਈ ਹੋਵੇ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਆਗੂ ਤੇ ਅਧਿਕਾਰੀ ਵੀ ਮੌਜੂਦ ਸਨ।

Share This Article
Leave a Comment