ਦਿੱਲੀ : ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਐਸ.ਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ ‘ਤੇ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।
ਸੁਪਰੀਮ ਕੋਰਟ ਨੇ ਕਮੇਟੀ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਮੁੱਦਿਆਂ ਸੰਬੰਧੀ ਗੱਲਬਾਤ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਰਾਜਨੀਤੀਕਰਣ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਗਠਿਤ ਕੀਤੀ ਗਈ ਕਮੇਟੀ ਕਿਸਾਨਾਂ ਦੇ ਸਾਰੇ ਮੁੱਦਿਆਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰੇਗੀ ਤੇ ਅਸੀਂ ਉਮੀਦ ਕਰਦੇ ਹਾਂ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋ ਜਾਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਕਿਸਾਨ ਵੀ ਗਠਿਤ ਕੀਤੀ ਕਮੇਟੀ ਦਾ ਸਾਥ ਦੇਣਗੇ।
ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।
ਪਿਛਲੀਆਂ ਦੋ ਸੁਣਵਾਈਆਂ ‘ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ‘ਤੇ ਯਾਨੀ ਇਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟਰੈਕਟਰ ਨਹੀਂ ਲੈਣੇ ਚਾਹੀਦੇ। ਕਿਸਾਨ ਟਰੈਕਟਰ ਲੈ ਕੇ ਜਾਣ ‘ਤੇ ਅੜੇ ਰਹੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।