ਸਾਬਕਾ ਕੈਬਨਿਟ ਮੰਤਰੀ ਧਾਲੀਵਾਲ ਨੇ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

Global Team
2 Min Read

ਚੰਡੀਗੜ੍ਹ: ਪਹਾੜੀ ਖੇਤਰ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਦੇ ਚੱਲਦੇ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਰਕੇ ਰਾਵੀ ਦਰਿਆ ਵਿੱਚ 1 ਲੱਖ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨੂੰ ਲੈ ਕੇ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਪਹੁੰਚ ਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਉੱਥੇ ਹੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗਾਊ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਨਾਲ ਗੱਲਬਾਤ ਵੀ ਕੀਤੀ।

ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵਧਣ ਕਰਕੇ ਅੱਜ ਉਨ੍ਹਾਂ ਵੱਲੋਂ ਮੌਕੇ ਉਤੇ ਪਹੁੰਚ ਕੇ ਪ੍ਰਸ਼ਾਸਨ ਦੇ ਨਾਲ ਜਾਇਜ਼ਾ ਲਿਆ ਗਿਆ ਹੈ ਤਾਂ ਕਿ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਕਿਸ ਤਰੀਕੇ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਝ ਦਰਿਆ ਵਿੱਚੋਂ ਇੱਕ ਲੱਖ 25 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵੱਧ ਜਾਵੇਗਾ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਰਾਵੀ ਦਰਿਆ ਨੇੜੇ ਨਾ ਜਾਣ।

ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ, ਜਿੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰਾਵੀ ਵਿੱਚ 1 ਲੱਖ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਕਾਰਨ ਰਾਵੀ ਹੜ੍ਹਾਂ ਦੀ ਲਪੇਟ ਵਿੱਚ ਹੈ ਅਤੇ ਪਠਾਨਕੋਟ ਦਾ ਭੋਆ ਖੇਤਰ ਹੜ੍ਹ ਦੀ ਲਪੇਟ ਵਿੱਚ ਆ ਗਿਆ।

ਸਰਹੱਦੀ ਚੌਂਕੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਧਰਮਕੋਟ ਪਾਟਨ, ਗੁਰਚਕ ਅਤੇ ਘਣੀਆਕੇ ਬੇਟ, ਦੀਨਾਨਗਰ ਦੇ ਕਲਾਨੌਰ, ਚੰਦੂਵਾਡਾਲਾ, ਕਮਾਲਪੁਰ ਜਾਟਾ ਅਤੇ ਕਾਨਾ, ਚੌਂਤਰਾ, ਚੱਕਰੀ, ਸਲਾਚ, ਆਧੀ ਜੈਨਪੁਰ ਅਤੇ ਠਾਕੁਰਪੁਰ ਵਰਗੇ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਹਿਮਾਚਲ ਵਿੱਚ ਮੀਂਹ ਕਾਰਨ ਹੁਸ਼ਿਆਰਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਫਾਜ਼ਿਲਕਾ ਜ਼ਿਲ੍ਹੇ ਵੀ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਪ੍ਰਸ਼ਾਸਨ ਨੇ ਸਾਵਧਾਨੀ ਵਰਤ ਲਈ ਹੈ ਅਤੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

Share This Article
Leave a Comment