ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਦਿਆਂ ‘ਪੰਜਾਬ ਲੋਕਹਿੱਤ ਪਾਰਟੀ’ ਬਣਾਉਣ ਦਾ ਐਲਾਨ ਕੀਤਾ ਹੈ।
ਬੀਰਮੀ ਨੇ ਨਾ ਕੇਵਲ ਅੱਜ ਇਸ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਸਗੋਂ ਇਹ ਵੀ ਐਲਾਨ ਕੀਤਾ ਕਿ ਪਾਰਟੀ 2022 ਚੋਣਾਂ ਵਿੱਚ ਰਾਜ ਦੀਆਂ 117 ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ।
ਬੀਰਮੀ ਕਾਂਗਰਸ ਟਿਕਟ ’ਤੇ ਜਿੱਤ ਕੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਸਨ ਪਰ ਬਾਅਦ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਸਤੰਬਰ, 2018 ਵਿੱਚ ਬੇਅਦਬੀਆਂ ਦੇ ਮੁੱਦੇ ’ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਕਿਨਾਰਾ ਕਰ ਲਿਆ ਸੀ।
ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਬੀਰਮੀ ਨੇ ਦੱਸਿਆ ਕਿ ਉ.ਬੀ.ਸੀ. ਭਾਈਚਾਰੇ ਦੇ ਬਹੁਗਿਣਤੀ ਹੋਣ ਦੇ ਬਾਵਜੂਦ ਇਸ ਭਾਈਚਾਰੇ ਨੂੰ ਹਰ ਪਾਰਟੀ ਵੱਲੋਂ ਅਣਗੌਲਿਆਂ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ 35 ਦੇ ਲਗਪਗ ਵੱਖ ਵੱਖ ਭਾਈਚਾਰਿਆਂ ਨਾਲ ਸੰਬੰਧਤ ਸੰਸਥਾਵਾਂ ਲਗਪਗ ਇਕ ਸਾਲ ਤੋਂ ਆਪਸ ਵਿੱਚ ਸੰਪਰਕ ਵਿੱਚ ਸਨ ਅਤੇ ਅੰਤ ਇਹ ਫ਼ੈਸਲਾ ਲਿਆ ਗਿਆ ਕਿ ਇਕ ਪਾਰਟੀ ਰਜਿਸਟਰਡ ਕਰਵਾ ਕੇ ਆਗਾਮੀ ਚੋਣਾਂ ਵਿੱਚ ਨਿੱਤਰਿਆ ਜਾਵੇ।
ਉਹਨਾਂ ਦੱਸਿਆ ਕਿ ਇਨ੍ਹਾਂ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਅੱਜ ਉਹ ਪਾਰਟੀ ਦੇ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕਰ ਰਹੇ ਹਨ।
ਬੀਰਮੀ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਦਾ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਛੇਤੀ ਹੀ ਜਨਤਕ ਕਰ ਦਿੱਤਾ ਜਾਵੇਗਾ।