ਚੰਡੀਗੜ੍ਹ : ਪੰਜਾਬ ਦੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦਾ ਕੋਰੋਨਾ ਦੀ ਲਪੇਟ ‘ਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਜ਼ਿਕਰਯੋਗ ਹੈ ਕਿ ਉਨ੍ਹਾਂ ਨੇ 30 ਅਗਸਤ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਕਰਵਾਏ ਟੈਸਟ ‘ਚ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਪਰਿਵਾਰਰਿਕ ਮੈਂਬਰਾਂ ਤੋਂ ਅਲੱਗ ਕਰ ਲਿਆ ਸੀ। ਹੁਣ ਉਨ੍ਹਾਂ ਨੇ ਇੱਕ ਵਾਰ ਫਿਰ ਕੋਰੋਨਾ ਦੀ ਜਾਂਚ ਕਰਵਾਈ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਆਈਸੋਲੇਟ ਕਰ ਲਿਆ ਹੈ।
ਦੱਸ ਦਈਏ ਕਿ ਪਿਛਲੇ ਹਫਤੇ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਪਤਨੀ ਗਗਨਪ੍ਰੀਤ ਕੌਰ ਢੀਂਡਸਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਸੀ।