ਪਟਿਆਲਾ: ਫਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਪਟਿਆਲਾ ਜੇਲ੍ਹ ਵਿਚ ਲੜਾਈ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਜਿਨ੍ਹਾਂ ਦੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ 7ਵੇਂ ਦਿਨ ਮੌਤ ਹੋ ਗਈ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਿੰਘ ਦੇ ਸਿਰ ਉੱਤੇ ਡੂੰਘੀਆਂ ਸੱਟਾਂ ਲੱਗੀਆਂ ਸਨ। ਪਟਿਆਲਾ ਜੇਲ੍ਹ ਵਿੱਚ 10 ਸਤੰਬਰ ਨੂੰ ਹੋਏ ਹਮਲੇ ਵਿੱਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਸਾਬਕਾ ਪੁਲਿਸ ਅਫ਼ਸਰ ਇੰਸਪੈਕਟਰ ਸੂਬਾ ਸਿੰਘ ਦੀ ਅੱਜ ਮੌਤ ਹੋ ਗਈ। ਡੀਐਸਪੀ ਸਿਟੀ-1 ਸਤਨਾਮ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਹਮਲਾ ਗਰਮ ਖਿਆਲੀ ਸੰਦੀਪ ਸਿੰਘ ਸੰਨ੍ਹੀ ਵੱਲੋਂ ਕੀਤਾ ਗਿਆ ਸੀ, ਜੋ ਹਿੰਦੂ ਆਗੂ ਸੁਧੀਰ ਸੂਰੀ ਹੱਤਿਆ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਸੰਨ੍ਹੀ ਦਾ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਦੌਰਾਨ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਉੱਤੇ ਹਮਲਾ ਕੀਤਾ ਗਿਆ ਸੀ।