ਅੰਮ੍ਰਿਤਸਰ: ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਖੁਦ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਖਦਸ਼ੇ ਨੂੰ ਦੇਖਦੇ ਹੋਏ ਅਦਾਲਤ ਦਾ ਰੁੱਖ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ’ਚ ਕਿਹਾ ਹੈ ਕਿ ਐਸਜੀਪੀਸੀ ਨੇ ਉਨ੍ਹਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਹੁਣ ਐਸਜੀਪੀਸੀ ਉਨ੍ਹਾਂ ਨੂੰ ਹੈੱਡ ਗ੍ਰੰਥੀ ਸੱਚਖੰਡ ਦਰਬਾਰ ਸਾਹਿਬ ਦੇ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ। ਇਸ ਲਈ ਅਦਾਲਤ ਨੂੰ ਉਨ੍ਹਾਂ ਦੀ ਨੌਕਰੀ ਬਚਾਉਣ ਦੀ ਅਪੀਲ ਕੀਤੀ ਗਈ ਹੈ।
ਇਸ ਪਟੀਸ਼ਨ ਦੇ ਵਿੱਚ ਸਾਫ ਤੌਰ ਤੇ ਦੱਸਿਆ ਗਿਆ ਹੈ ਕਿ ਕਿਵੇਂ ਗਿਆਨੀ ਸੁਲਤਾਨ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਮੈਨੂੰ ਯਾਨੀ ਰਘਬੀਰ ਸਿੰਘ ਨੂੰ ਜਥੇਦਾਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ ਅਤੇ ਹੁਣ ਮੈਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਲਾਹੁਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।