ਲੁਧਿਆਣਾ: ਲੁਧਿਆਣਾ ਦੀ ਜ਼ਿਮਨੀ ਚੋਣ ਸਬੰਧੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਦੇ ਨਾਮ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਪਿਛਲੇ ਦੋ ਵਾਰ ਜੇਤੂ ਰਹੇ ਸਾਬਕਾ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਮੁੜ ਮੈਦਾਨ ‘ਚ ਉਤਾਰਿਆ ਹੈ।
ਆਸ਼ੂ, ਜੋ ਕਿ ਲੁਧਿਆਣਾ ਹਲਕੇ ‘ਚ ਕਾਂਗਰਸ ਦੇ ਪ੍ਰਮੁੱਖ ਹਿੰਦੂ ਚਿਹਰੇ ਹਨ, ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰਾਂ ਵਿੱਚ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਦੋ ਵਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾਈ। 2022 ਦੀ ਚੋਣ ਵਿੱਚ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਕੋਲੋਂ 7 ਹਜ਼ਾਰ ਵੋਟਾਂ ਨਾਲ ਹਾਰ ਗਏ ਸਨ।
ਉਨ੍ਹਾਂ ਦਾ ਮੁਕਾਬਲਾ ਹੁਣ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਆਸ਼ੂ ‘ਤੇ ਕਥਿਤ 2000 ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ ਲੱਗੇ ਸਨ, ਜਿਸ ਸਬੰਧੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਹੋਈ ਸੀ ਅਤੇ ਐਫ਼ਆਈਆਰ ਵੀ ਦਰਜ ਹੋਈ ਸੀ। ਪਰ 2024 ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਉਹ ਐਫ਼ਆਈਆਰ ਰੱਦ ਕਰ ਦਿੱਤੀ ਗਈ।
ਇਹ ਵੀ ਦੱਸਣਾ ਜ਼ਰੂਰੀ ਹੈ ਕਿ ਲੁਧਿਆਣਾ ਪੱਛਮੀ ਹਲਕੇ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਕਾਰਨ ਇਹ ਸੀਟ 11 ਜਨਵਰੀ ਤੋਂ ਖਾਲੀ ਪਈ ਹੈ। ਪੰਜਾਬ ਵਿਧਾਨ ਸਭਾ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਮੁਤਾਬਕ ਇਹ ਚੋਣ 10 ਜੁਲਾਈ ਤੋਂ ਪਹਿਲਾਂ ਕਰਵਾਈ ਜਾਵੇਗੀ।