ਵਿਜੀਲੈਂਸ ਬਿਊਰੋ ਦੇ ਸ਼ਿਕੰਜੇ ‘ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ 24 ਫਰਵਰੀ ਨੂੰ ਤਲਬ ਕੀਤਾ ਹੈ। ਉਨ੍ਹਾਂ ਤੋਂ ਮੋਹਾਲੀ ਸਥਿਤ ਵਿਜੀਲੈਂਸ ਦੇ ਮੁੱਖ ਦਫਤਰ ਵਿਖੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਵਿੱਚ ਪਾਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੂ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

 ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀਆਂ ਸਰਕਾਰਾਂ ‘ਚ ਮੰਤਰੀ ਰਹੇ ਹਨ।
ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ ਜੋ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਘੇਰੇ ਵਿੱਚ ਹਨ। ਸਾਬਕਾ ਮੰਤਰੀ ਸਾਧੂ ਸਿੰਘ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਘੇਰੇ ਵਿੱਚ ਹਨ। ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਅਕਾਲੀ-ਭਾਜਪਾ ਸਰਕਾਰ ਵੇਲੇ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਤੋਂ ਵੀ ਲੱਗਭੱਗ 1000 ਕਰੋੜ ਰੁਪਏ ਦੇ ਕਥਿਤ ਸਿੰਜਾਈ ਘੋਟਾਲੇ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment