‘ਸਪੀਕਰ ਨੇ ਵਿਧਾਨ ਸਭਾ ਦੇ ਪਵਿੱਤਰ ਸੈਸ਼ਨ ਨੂੰ ਬਣਾਇਆ ਮਜ਼ਾਕ, ਕਿਹਾ ‘ਆਪ’ ਸਰਕਾਰ ਦਾ ਮੌਜੂਦਾ ਸ਼ਾਸਨਕਾਲ ਪੂਰਾ ਨਹੀਂ ਹੋਵੇਗਾ’

Global Team
2 Min Read

ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਲੋਕਾਂ ਨੂੰ ਘਟੀਆ ਪ੍ਰਸ਼ਾਸਨਿਕ ਸਹੂਲਤਾਂ ਮੱਦੇਨਜ਼ਰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।

ਬ੍ਰਹਮਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਤਿੰਨ-ਰੋਜ਼ਾ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੇ ਗਏ ਖ਼ਰਚੇ, ਜੋ ਕਿ ਸੂਬੇ ਦੇ ਇਲਾਕੇ ਦੀਆਂ ਗਲੀਆਂ-ਨਾਲੀਆਂ ਦੀ ਸਫ਼ਾਈ ਤੱਕ ਹੀ ਸੀਮਤ ਰਹਿ ਗਏ ਹਨ, ‘ਤੇ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਇਸ ਗੱਲ ‘ਤੇ ਵੀ ਧਿਆਨ ਦਿਵਾਇਆ ਕਿ ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰ ‘ਤੇ ਭਾਰੂ ਅਫ਼ਸਰਸ਼ਾਹੀ ਬਾਰੇ ਚਿੰਤਾਜਨਕ ਖ਼ੁਲਾਸੇ ਕੀਤੇ ਹਨ। ਬ੍ਰਹਮਪੁਰਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਮ ਲੋਕਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਲੋੜੀਂਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਜੋ ਕਿ ਬੇਹੱਦ ਮੰਦਭਾਗੀ ਗੱਲ ਹੈ।

ਬ੍ਰਹਮਪੁਰਾ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਢਾਈ ਸਾਲ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀ ਸੱਤਾ ਹਾਸਲ ਕਰਨ ਤੋਂ ਅਹਿਮ ਪਹਿਲਾਂ, ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਜਿਵੇਂ ਕਿ ਨਸ਼ਿਆਂ ਦੇ ਖ਼ਾਤਮੇ, ਗੈਂਗਸਟਰਵਾਦ ਨੂੰ ਖ਼ਤਮ ਕਰਨਾ, ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਵਰਗੇ ਵੱਡੇ ਦਾਅਵਿਆਂ ਦੇ ਬਾਵਜੂਦ ਮੌਜੂਦਾ ‘ਆਪ’ ਸ਼ਾਸਨ ਦੀ ਹਕੀਕਤ ਨੇ ਇੱਕ ਵੱਖਰੀ ਮਿਸਾਲ ਅਤੇ ਸ਼ਰਮਨਾਕ ਤਸਵੀਰ ਪੇਸ਼ ਕੀਤੀ ਹੈ।

ਉਨ੍ਹਾਂ ਨੇ ਮੌਜੂਦਾ ਸੂਬਾ ਸਰਕਾਰ ਦੇ ਵੱਧ ਰਹੇ ਅਪਰਾਧ ਦੇ ਪੱਧਰ ਨੂੰ ਠੱਲ ਪਾਉਣ ਵਿੱਚ ਅਸਫ਼ਲ ਰਹਿਣ ‘ਤੇ ਆਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਕੀ ਅਜਿਹੇ ਮਾਹੌਲ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਸਮੇਤ ਹੋਰਨਾਂ ਪੀੜਤਾਂ ਲਈ ਇਨਸਾਫ਼ ਕਿਵੇਂ ਹੋ ਸਕਦਾ ਹੈ। ਜੇਕਰ ਅਜਿਹੇ ਹਾਲਾਤ ਜਾਰੀ ਰਹਿਣਗੇ ‘ਤੇ ਸਰਕਾਰ ਵੱਲੋਂ ਆਪਣਾ ਮੌਜੂਦਾ ਕਾਰਜਕਾਲ ਪੂਰਾ ਕਰਨ ਦੀ ਸਮਰੱਥਾ ਬਾਰੇ ਚਿੰਤਾ ਜ਼ਾਹਰ ਕਰਦਿਆਂ ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

Share This Article
Leave a Comment