ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ 85 ਸਾਲਾ ਮੋਹਿੰਦਰ ਸਿੰਘ ਗਿੱਲ ਦਾ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਕ ਸ਼ੋਕ ਸੰਦੇਸ਼ ‘ਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ ਜਿਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ‘ਚ ਅਜਿਹਾ ਖਲਾਅ ਪੈਦਾ ਹੋਇਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।
ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਕੈਪਟਨ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਤੇ ਦੁੱਖ ਦੀ ਇਸ ਘੜੀ ‘ਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।