ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਜ਼ਮਾਨਤ

Rajneet Kaur
3 Min Read

ਨਿਊਜ਼ ਡੈਸਕ: ਕੋਟਕਪੂਰਾ ਗੋਲੀ ਕਾਂਡ ਵਿੱਚ SIT ਵੱਲੋਂ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿੱਚੋਂ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਜ਼ਮਾਨਤ ਮਿਲ ਗਈ ਹੈ।  ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ। ਐਡਵੋਕੇਟ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ 5 ਮੁਲਜ਼ਮਾਂ ਵੱਲੋਂ ਜ਼ਮਾਨਤ ਲਈ ਜਾ ਚੁੱਕੀ ਹੈ ਜਦੋਂ ਕਿ ਇਕ ਮੁਲਜ਼ਮ ਸਾਬਕਾ ਡੀਆਈਜੀ ਅਮਰਜੀਤ ਸਿੰਘ ਚਹਿਲ ਦੀ ਜ਼ਮਾਨਤ ਰਹਿ ਗਈ ਹੈ। ਉਨ੍ਹਾਂ ਨੇ ਵੀ ਜ਼ਮਾਨਤ ਲਈ ਅਰਜ਼ੀ ਹਾਈਕੋਰਟ ਵਿਚ ਲਗਾਈ ਹੈ।

ਐਡਵੋਕੇਟ ਜਸਵੰਤ ਸਿੰਘ ਨੇ ਦੱਸਿਆ ਕਿ ਚਾਰਜਸ਼ੀਟ ਦੇ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਤਤਕਾਲੀ ਡੀਜੀਪੀ ਸੁਮੇਧ ਸੈਣੀ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਦਾ ਇਲਜ਼ਾਮ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 23 ਮਾਰਚ ਨੂੰ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਫਰੀਦਕੋਟ ਪੁੱਜੇ ਅਤੇ ਅਦਾਲਤ ਤੋਂ ਜ਼ਮਾਨਤ ਹਾਸਲ ਕਰ ਲਈ।

ਉਨ੍ਹਾਂ ਦੱਸਿਆ ਕਿ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ 5 ਲੱਖ ਦਾ ਮੁਚਲਕਾ ਤੇ ਜ਼ਮਾਨਤ ਭਰ ਕੇ ਸਾਬਕਾ ਡੀਜੀਪੀ ਸੁਮੇਧ ਸਿੰਘ ਦੀ ਜ਼ਮਾਨਤ ਰਿਲੀਜ਼ ਕਰ ਦਿੱਤੀ ਹੈ। ਇਸ ਦੌਰਾਨ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤਿੰਨ ਘੰਟੇ ਅਦਾਲਤ ਵਿਚ ਰਹੇ। ਉਨ੍ਹਾਂ ਦੱਸਿਆ ਕਿ ਸਿਟ 27 ਅਪ੍ਰੈਲ ਤੱਕ ਮਾਮਲੇ ਨੂੰ ਸੈਸ਼ਨ ਕੋਰਟ ਵਿਚ ਜਾਣਾ ਚਾਹ ਰਹੇ ਹਨ। ਹਾਈਕੋਰਟ ਦਾ ਹੁਕਮ ਹੈ ਕਿ ਇਸ ਮਾਮਲੇ ਨਾਲ ਸਬੰਧਤ ਸਾਰੇ ਕੇਸ ਇਕ ਹੀ ਅਦਾਲਤ ਵਿਚ ਚੱਲਣੇ ਹਨ। ਪਹਿਲਾਂ ਹੀ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਸੈਸ਼ਨ ਕੋਰਟ ਵਿਚ ਚੱਲ ਰਿਹਾ ਹੈ। ਅਜਿਹੇ ਵਿਚ ਕੋਟਕਪੂਰਾ ਗੋਲੀਕਾਂਡ ਦਾ ਮਾਮਲਾ ਵੀ ਸੈਸ਼ਨ ਕੋਰਟ ਵਿਚ ਜਾਣਾ ਤੈਅ ਹੈ।

ਦੱਸ ਦੇਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਬਾਅਦ ਸਿੱਖ ਸੰਗਠਨਾਂ ਨੇ ਕੋਟਕਪੂਰਾ ਤੇ ਬਹਿਬਲਕਲਾਂ ਵਿਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ। 14 ਅਕਤੂਬਰ ਨੂੰ ਕੋਟਕਪੂਰਾ ਤੇ ਬਹਿਬਲਕਲਾਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਪੁਲਿਸ ਨੇ ਬਲ ਦੇ ਇਸਤੇਮਾਲ ਨਾਲ ਖਤਮ ਕਰਵਾਇਆ ਸੀ। ਬਹਿਬਲਕਲਾਂ ਵਿਚ ਪੁਲਿਸ ਦੀ ਫਾਇਰਿੰਗ ਵਿਚ 2 ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਲਗਭਗ 100 ਪ੍ਰਦਰਸ਼ਨਕਾਰੀ ਜ਼ਖਮੀ ਹੋਏ ਸਨ। 7 ਅਗਸਤ 2018 ਨੂੰ ਪੁਲਿਸ ਨੇ ਅਣਪਛਾਤੇ ਲੋਕਾਂ ‘ਤੇ ਇਰਾਦਾ-ਏ-ਕਤਲ ਦਾ ਕੇਸ ਦਰਜ ਕੀਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment