ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹੇ ਲਾਲ ਸਿੰਘ ਦਾ ਅੱਜ (ਸ਼ਨੀਵਾਰ) ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਦੇ ਇੱਕ ਤਜਰਬੇਕਾਰ ਚਿਹਰੇ ਸਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵਿੱਤ ਮੰਤਰੀ ਵਜੋਂ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਸਨ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਕਾਂਗਰਸ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਲਾਲ ਸਿੰਘ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਸਾਦਗੀ ਅਤੇ ਇਮਾਨਦਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਸੀ।
ਕਾਂਗਰਸੀ ਆਗੂ ਲਾਲ ਸਿੰਘ ਦੇ ਦੇਹਾਂਤ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਸਮੇਤ ਕਈ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਵਨੀਤ ਸਿੰਘ ਬਿੱਟੂ ਨੇ ਲਿਖਿਆ ਕਿ ਲਾਲ ਸਿੰਘ ਜੀ ਦੇ ਦੇਹਾਂਤ ‘ਤੇ ਉਹ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ “ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਨੇ ਅੱਜ ਇੱਕ ਸੂਝਵਾਨ ਆਗੂ ਗੁਆ ਦਿੱਤਾ ਹੈ। ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦੀ ਹਿੰਮਤ ਦੇਵੇ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

