ਨਿਊਜ਼ ਡੈਸਕ: ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਅੱਜ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਉਨ੍ਹਾਂ ਦਾ ਇਹ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵਿਕਾਰ ਕਰ ਲਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਅੰਨਾਮਲਾਈ ਨੇ ਆਪਣੇ ਹਾਲੀਆ ਦਿੱਲੀ ਦੌਰੇ ਦੌਰਾਨ ਪਾਰਟੀ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ, “ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਤਾਮਿਲਨਾਡੂ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫ਼ਾ ਸਵੀਕਾਰ ਕਰ ਲਿਆ ਹੈ।”
ਅਸਤੀਫ਼ਾ ਦੇਣ ਤੋਂ ਬਾਅਦ ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਗੱਲਬਾਤ ਕਰਕੇ ਆਪਣੇ ਅਸਤੀਫਾ ਦਾ ਕਾਰਨ ਦੱਸਿਆ ਅਤੇ ਇੱਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। ਕੇ. ਅੰਨਾਮਲਾਈ ਨੇ ਕਿਹਾ, “ਅੱਜ ਅਸੀਂ ਇੱਕ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ। ਸਾਡੀ ਰਾਜਨੀਤਿਕ ਪਾਰਟੀ ਅਗਲੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜੇਗੀ।”
ਕੇ ਅੰਨਾਮਲਾਈ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਅੰਦੋਲਨ ਵਿੱਚ ਸ਼ਾਮਲ ਹੋਣ। ਉਨ੍ਹਾਂ ਭਾਜਪਾ ਬਾਰੇ ਵੀ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ‘ਭਾਜਪਾ ਨੂੰ ਉਹੀ ਸਲੂਕ ਮਿਲੇਗਾ, ਜੋ ਮੈਂ ਦੂਜੀਆਂ ਪਾਰਟੀਆਂ ਨੂੰ ਦਿੰਦਾ ਹਾਂ।’ ਉਨ੍ਹਾਂ ਕਿਹਾ, ‘ਮੈਂ ਕੇਂਦਰੀ ਗ੍ਰਹਿ ਮੰਤਰੀ ਨਾਲ ਅਮਿਤ ਸ਼ਾਹ ਨਾਲ ਅੱਖਾਂ ਵਿੱਚ ਅੱਖਾਂ ਪਾ ਕੇ ਗੱਲ ਕਰਕੇ ਆਇਆ ਹਾਂ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।’

