ਚੰਡੀਗੜ੍ਹ: ਚੰਡੀਗੜ੍ਹ ‘ਚ ਕਤਲ ਕੀਤੇ ਗਏ ਆਗੂ ਗੁਰਲਾਲ ਬਰਾੜ ਦੇ ਮਾਮਲੇ ‘ਚ ਅਦਾਲਤ ਨੇ ਚਾਰੋਂ ਮੁਲਜ਼ਮਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਬਰੀ ਕੀਤੇ ਗਏ ਮੁਲਜ਼ਮਾਂ ਵਿੱਚ ਨੀਰਜ ਚਸਕਾ, ਚਮਕੌਰ ਸਿੰਘ, ਗੁਰਮੀਤ ਸਿੰਘ ਗੀਤਾ ਅਤੇ ਗੁਰਵਿੰਦਰ ਸਿੰਘ ਸ਼ਾਮਲ ਹਨ। ਪੁਲਿਸ ਨੇ ਇਸ ਕੇਸ ਵਿੱਚ ਗੁਰਲਾਲ ਦੀ ਮਹਿਲਾ ਦੋਸਤ ਅਤੇ ਵਿਕਾਸ ਤਿਵਾੜੀ ਨਾਮ ਦੇ ਵਿਅਕਤੀ ਨੂੰ ਮੌਕੇ ’ਤੇ ਗਵਾਹ ਬਣਾਇਆ ਸੀ ਪਰ ਦੋਵੇ ਅਦਾਲਤ ਵਿੱਚ ਜਾ ਕੇ ਬਿਆਨ ਬਦਲ ਦਿੱਤੇ ਤੇ ਜੱਜ ਨੂੰ ਕਹਿ ਦਿੱਤਾ ਕਿ ਕਤਲ ਉਨ੍ਹਾਂ ਦੇ ਸਾਹਮਣੇ ਨਹੀਂ ਹੋਇਆ।
10 ਅਕਤੂਬਰ 2020 ਦੀ ਦੇਰ ਰਾਤ ਨੂੰ ਜਦੋਂ ਗੁਰਲਾਲ ਜਦੋਂ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਫਾਰਚੂਨਰ ਕਾਰ ਅੰਦਰ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਬਾਈਕ ਸਵਾਰ ਨੌਜਵਾਨਾਂ ਨੇ ਗੱਡੀ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਲਾਲ ਦੇ ਸਿਰ, ਛਾਤੀ ਅਤੇ ਬਾਂਹ ‘ਤੇ ਗੋਲੀਆਂ ਲੱਗੀਆਂ ਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਗੁਰਲਾਲ ਦੇ ਕਤਲ ਤੋਂ ਬਾਅਦ 2020 ਵਿੱਚ ਪੰਜਾਬ ‘ਚ ਗੈਂਗ ਵਾਰ ਸ਼ੁਰੂ ਹੋ ਗਈ ਸੀ। ਗੁਰਲਾਲ ਦੇ ਕਤਲ ਦਾ ਬਦਲਾ ਲੈਣ ਲਈ ਗੋਲਡੀ ਬਰਾੜ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਪਹਿਲਵਾਨ ਦਾ ਫਰੀਦਕੋਟ ਵਿੱਚ ਕਤਲ ਕਰਵਾ ਦਿੱਤਾ। ਕੁਝ ਮਹੀਨਿਆਂ ਬਾਅਦ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੀ ਮੋਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਉੱਥੇ ਹੀ ਦੂਜੇ ਪਾਸੇ ਇਹ ਵੀ ਚਰਚਾਵਾਂ ਸਨ ਕਿ ਬੰਬੀਹਾ ਗੈਂਗ ਨੇ ਪਹਿਲਵਾਨ ਦੀ ਮੌਤ ਦਾ ਬਦਲਾ ਲੈਣ ਲਈ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਫਿਰ ਇੱਕ ਸਾਲ ਬਾਅਦ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।