ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਧੋਖਾਧੜੀ ਦੇ ਇੱਕ ਕੇਸ ਵਿੱਚ ਕਸੂਤਾ ਫਸ ਗਏ ਹਨ। ਅਸਲ ‘ਚ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਇਕ ਫੌਜਦਾਰੀ ਕੇਸ ਕੀਤਾ ਸੀ ਜਿਸ ਵਿੱਚ ਉਨ੍ਹਾਂ ਦੋਸ਼ ਲਗਾਏ ਸਨ ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਚੋਣ ਕਮਿਸ਼ਨ ਕੋਲ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਹਨ ਉਨ੍ਹਾਂ ‘ਚ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਹੈ । ਦੂਜੇ ਪਾਸੇ ਜੋ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਅਤੇ ਦਿੱਲੀ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਕੋਲ ਕਾਗਜ਼ਾਤ ਪੇਸ਼ ਕੀਤੇ ਗਏ ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਪਾਰਟੀ ਬਣਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜਦਾ ਹੈ।
ਇਹ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਖੇੜਾ ਦੇ ਵਕੀਲ ਇਸ਼ ਪੁਨੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਕੀਤਾ ਸੀ। ਜਿਸ ਨੂੰ ਰੱਦ ਕਰਵਾਉਣ ਲਈ ਇਨ੍ਹਾਂ ਤਿੰਨੋ ਆਗੂਆਂ ਨੇ ਹਾਈਕੋਰਟ ਦਾ 16 ਦਸੰਬਰ 2019 ਨੂੰ ਰੁਖ ਕੀਤਾ ਸੀ। ਹਾਈਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ ਕਿ ਇਨ੍ਹਾਂ ਤਿੰਨੋ ਆਗੂਆਂ ਖ਼ਿਲਾਫ਼ ਦਸਤਾਵੇਜ਼ੀ ਧੋਖਾਧੜੀ ਦਾ ਕੇਸ ਚਲਾਇਆ ਜਾਵੇ।
ਭਾਵੇਂ ਕਿ ਇਨ੍ਹਾਂ ਅਕਾਲੀਆਂ ਅਕਾਲੀ ਆਗੂਆਂ ਕੋਲ ਇਹ ਮੌਕਾ ਵੀ ਹੈ ਕਿ ਇਹ ਸੁਪਰੀਮ ਕੋਰਟ ਵੀ ਜਾ ਸਕਦੇ ਹਨ ਪਰ ਹੁਣ ਹੇਠਲੀ ਅਦਾਲਤ ਵਿੱਚ ਇਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲ ਪਵੇਗਾ। ਹੁਸ਼ਿਆਰਪੁਰ ਦੀ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।