ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ।

ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ ‘ਤੇ ਤੋਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਦੇ ਖੇਤਰ ਵਿੱਚ ਵੱਧ-ਚੜ੍ਹ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ‘ਨਸ਼ਿਆਂ ਵਿਰੁੱਧ ਪਦਯਾਤਰਾ’ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਦ੍ਰਿੜ੍ਹ ਸੰਕਲਪ ਲੈਣਾ ਚਾਹੀਦਾ ਹੈ। ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਝੰਡਾਬਰਦਾਰ ਬਣਨ ਲਈ ਪ੍ਰੇਰਿਤ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਇਸ ਸਮਾਜਿਕ ਬੁਰਾਈ ਨੂੰ ਮੁੱਢ ਤੋਂ ਹੀ ਨੱਥ ਪਾਈ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇ ਕੋਈ ਨਸ਼ਿਆਂ ਬਾਰੇ ਕਿਸੇ ਵੀ ਤਰ੍ਹਾਂ ਪਹੁੰਚ ਕਰਦਾ ਹੈ ਤਾਂ ਮਾਪਿਆਂ ਜਾਂ ਅਧਿਆਪਕਾਂ ਨੂੰ ਦੱਸਣ ਅਤੇ ਗਾਇਕੀ ਰਾਹੀਂ ਨਸ਼ਿਆਂ ਦੀ ਵਡਿਆਈ ਕਰਨ ਵਾਲਿਆਂ ਤੋਂ ਦੂਰ ਰਹਿਣ।

ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਗੀਤਾਂ ਰਾਹੀਂ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗਾਇਕਾਂ ਦੀ ਥਾਂ ਮਿਲਖਾ ਸਿੰਘ, ਹਾਕੀ ਓਲੰਪੀਅਨ ਹਰਮਨਪ੍ਰੀਤ ਤੇ ਮਨਪ੍ਰੀਤ ਸਿੰਘ ਅਤੇ ਕ੍ਰਿਕਟਰ ਹਰਮਨਪ੍ਰੀਤ ਕੌਰ ਵਰਗੇ ਦਿੱਗਜਾਂ ਤੋਂ ਪ੍ਰੇਰਨਾ ਲੈਣ। ਉਨ੍ਹਾਂ ਖਾਸ ਤੌਰ ‘ਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਖਤਮ ਕਰਨ ਅਤੇ ਪੀੜਤਾਂ ਦੇ ਮੁੜ ਵਸੇਬੇ ਦੇ ਨਾਲ-ਨਾਲ ਭਾਈਚਾਰਕ ਸ਼ਮੂਲੀਅਤ ਅਤੇ ਨੌਜਵਾਨ ਜਾਗਰੂਕਤਾ ਪ੍ਰੋਗਰਾਮਾਂ ਨਾਲ ਆਪਣੀ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਵੱਡਾ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਕੀਤਾ ਜਾ ਸਕੇ।

Share This Article
Leave a Comment