-ਜਗਤਾਰ ਸਿੰਘ ਸਿੱਧੂ
ਐਡੀਟਰ;
ਪੰਜਾਬ ਪ੍ਰਦੇਸ਼ ਕਾਂਗਰਸ ਮੁੱਖ ਵਿਰੋਧੀ ਧਿਰ ਵਜੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਮੁੱਖ ਭੂਮਿਕਾ ਨਿਭਾ ਸਕੇਗੀ? ਇਹ ਸਵਾਲ ਮੀਡੀਆ ਅਤੇ ਰਾਜਸੀ ਹਲਕਿਆਂ ਵਲੋਂ ਉਠਾਇਆ ਜਾਣਾ ਸੁਭਾਵਿਕ ਹੈ ਕਿਉਂ ਜੋ ਜੇਕਰ ਕਾਂਗਰਸ ਪਾਰਟੀ ਦੀ ਪਿਛਲੇ ਦਿਨਾਂ ਦੀ ਕਾਰਗੁਜ਼ਾਰੀ ਨੂੰ ਦੇਖਿਆ ਜਾਵੇ ਤਾਂ ਇਹ ਸਵਾਲ ਨੂੰ ਕੇਵਲ ਦੋਸ਼ ਲਗਾਉਣ ਦੇ ਆਧਾਰ ‘ਤੇ ਰੱਦ ਨਹੀਂ ਕੀਤਾ ਜਾ ਸਕਦਾ। ਪਿਛਲੇ ਦਿਨਾਂ ਦੀ ਗੱਲ ਕਰੀਏ ਤਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਤਾਂ ਕੀ ਕਰਨੀ ਸੀ ਸਗੋਂ ਇੱਕ ਦੂਜੇ ਨੂੰ ਡੇਗਣ ‘ਚ ਕਸਰ ਨਹੀਂ ਛੱਡੀ। ਇਸ ਦੇ ਮੁਕਾਬਲੇ ‘ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਦਾ ਐਨਾ ਜ਼ਬਰਦਸਤ ਭਰੋਸਾ ਜਿੱਤਿਆ ਕਿ ਭਾਰੀ ਬਹੁਮਤ ਨਾਲ ਪਾਰਟੀ ਵਿਧਾਨ ਸਭਾ ‘ਚ ਦਾਖਲ ਹੋਈ ਅਤੇ ਸਰਕਾਰ ਬਣਾਈ। ਇਹ ਬਿਲਕੁਲ ਸਹੀ ਹੈ ਕਿ ਜਿਸ ਬਦਲਾਅ ਦੀ ਪੰਜਾਬੀ ਗੱਲ ਕਰਦੇ ਸਨ, ਕਾਂਗਰਸ ਪਾਰਟੀ ਦੇ ਹੱਥੋਂ ਬਦਲਾਅ ਦਾ ਝੰਡਾ ਉਸ ਦਿਨ ਹੀ ਡਿਗ ਪਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ‘ਚ ਸਾਢੇ ਚਾਰ ਸਾਲ ਰਹੇ ਵਜ਼ੀਰ ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਦੀ ਥਾਂ ਮੁੱਖ ਮੰਤਰੀ ਬਣਾ ਦਿੱਤਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲਈ ਚੰਨੀ ਨੂੰ ਪੰਜਾਬੀਆਂ ਅੱਗੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਗਿਆ।
ਖੈਰ, ਇਸ ਦੌਰਾਨ ਬਹੁਤ ਸਾਰਾ ਪਾਣੀ ਪੁਲਾਂ ਹੇਠ ਦੀ ਨਿੱਕਲ ਚੁੱਕਿਆ ਹੈ। ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਜਾ ਚੁੱਕਿਆ ਹੈ। ਇਸੇ ਤਰ੍ਹਾਂ ਮੁੱਖ ਵਿਰੋਧੀ ਧਿਰ ਦੇ ਨੇਤਾ ਵਜੋਂ ਪ੍ਰਤਾਪ ਸਿੰਘ ਬਾਜਵਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇੰਝ ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਪੰਜਾਬ ਲਈ ਥਾਪੀ ਗਈ ਨਵੀਂ ਲੀਡਰਸ਼ਿਪ ਅੱਗੇ ਦੋ ਵੱਡੀਆਂ ਚੁਣੌਤੀਆਂ ਹਨ। ਪਹਿਲੀ, ਕਾਂਗਰਸ ਪਾਰਟੀ ਨੂੰ ਇੱਕਮੁੱਠ ਕਰਕੇ ਨਵੇਂ ਸਿਰੇ ਤੋਂ ਪੈਰਾਂ ਸਿਰ ਖੜ੍ਹੇ ਕਰਨਾ। ਦੂਜੀ, ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਜਵਾਬ ਦੇਹ ਬਣਾਉਣਾ। ਆਮ ਆਦਮੀ ਪਾਰਟੀ ਨੇ ਗਰੰਟੀਆਂ ਦੇ ਰੂਪ ‘ਚ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਨਾਲ ਬਹੁਤ ਸਾਰੇ ਵਾਅਦੇ ਕੀਤੇ ਹਨ। ਕੇਵਲ ਇੰਨਾ ਹੀ ਨਹੀਂ ਸਗੋਂ ਪੰਜਾਬ ਦੀਆਂ ਰਾਜਸੀ ਧਿਰਾਂ ਵਲੋਂ ਇਹ ਵੀ ਵੱਡਾ ਸਵਾਲ ਉਠਾਇਆ ਜਾ ਰਿਹਾ ਹੈ ਕਿ, ਕੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਚਲਾਏਗਾ ਜਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਰਦੇ ਪਿੱਛੇ ਰਹਿ ਕੇ ਪੰਜਾਬ ਨੂੰ ਚਲਾਉਣਗੇ। ਮਿਸਾਲ ਵਜੋਂ ਹੁਣ ਕੇਜਰੀਵਾਲ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਜਿਹੜੀ ਮੀਟਿੰਗ ਕੀਤੀ ਹੈ ਉਸ ‘ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਨਹੀਂ ਸਨ। ਵਿਰੋਧੀ ਧਿਰਾਂ ਆਖ ਰਹੀਆਂ ਹਨ ਕਿ ਅਜਿਹਾ ਕਰਕੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
- Advertisement -
ਅਜਿਹੀ ਸਥਿਤੀ ‘ਚ ਜਦੋਂ ਕਾਂਗਰਸ ਪਾਰਟੀ ਲਈ ਵਿਰੋਧੀ ਧਿਰ ਦੀ ਭੂਮਿਕਾ ਅਹਿਮ ਬਣ ਜਾਂਦੀ ਹੈ ਤਾਂ ਮੀਡੀਆ ਅਤੇ ਰਾਜਸੀ ਹਲਕਿਆਂ ਅੰਦਰ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੰਭਾਵੀ ਭੂਮਿਕਾ ਬਾਰੇ ਵੀ ਬਹੁਤ ਸਾਰੇ ਸਵਾਲ ਉੱਠ ਰਹੇ ਹਨ। ਇਸ ਮਾਮਲੇ ਬਾਰੇ ਨਵਜੋਤ ਸਿੱਧੂ ਤਾਂ ਕੋਈ ਟਿੱਪਣੀ ਨਹੀਂ ਕਰ ਰਹੇ ਪਰ ਉਨ੍ਹਾਂ ਵਲੋਂ ਪੰਜਾਬ ਦੀ ਹਾਕਮ ਧਿਰ ‘ਤੇ ਕੀਤੇ ਜਾ ਰਹੇ ਹਮਲੇ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਉਹ ਪੰਜਾਬ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਡਟੇ ਹੋਏ ਹਨ। ਉਨ੍ਹਾਂ ਦੇ ਅਜਿਹੇ ਬਿਆਨ ਇਨ੍ਹਾਂ ਅਟਕਲਾਂ ਨੂੰ ਵੀ ਪੂਰੀ ਤਰ੍ਹਾਂ ਰੱਦ ਕਰਦੇ ਹਨ ਕਿ ਵਿਧਾਨ ਸਭਾ ਦੀ ਚੋਣ ਹਾਰਨ ਤੋਂ ਬਾਅਦ ਉਹ ਰਾਜਨੀਤੀ ਤੋਂ ਸਨਿਆਸ ਲੈ ਰਹੇ ਹਨ। ਇਸ ਮੁੱਦੇ ਦਾ ਵੱਡਾ ਦਿਲਚਸਪ ਪਹਿਲੂ ਇਹ ਵੀ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਜਿੱਥੇ ਉਨ੍ਹਾਂ ਨੇ ਰਾਜਾ ਵੜਿੰਗ ਅਤੇ ਬਾਜਵਾ ਨੂੰ ਬਕਾਇਦਾ ਵਧਾਈ ਦਿੱਤੀ ਹੈ ਉੱਥੇ ਉਨ੍ਹਾਂ ਵਲੋਂ ਪੰਜਾਬ ਦੇ ਮਾਮਲਿਆਂ ‘ਚ ਬੇਲੋੜੇ ਦਖਲ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਇਹ ਵੀ ਆਖਿਆ ਹੈ ਕਿ ਪੰਜਾਬ ਦੇ ਸਾਂਝੇ ਹਿੱਤਾਂ ਲਈ ਉਹ ਡਟ ਕੇ ਭਗਵੰਤ ਮਾਨ ਦੇ ਨਾਲ ਖੜ੍ਹੇ ਹਨ। ਇਸ ਨਾਲ ਇਹ ਵੀ ਸੁਨੇਹਾ ਜਾਂਦਾ ਹੈ ਕਿ ਨਵਜੋਤ ਸਿੱਧੂ ਪੰਜਾਬ ਦੇ ਹਿੱਤ ਲਈ ਲੰਬੀ ਪਾਰੀ ਖੇਡਣ ਲਈ ਦ੍ਰਿੜ ਸੰਕਲਪ ਹਨ।
ਸੰਪਰਕ: 98140-02186