ਬਠਿੰਡਾ: ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ। ਜਿਸ ਕਾਰਨ ਬੀਤੀ ਰਾਤ ਉਹਨਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਪਹੁੰਚਦਿਆਂ ਹੀ ਡਾਕਟਰਾਂ ਦੀ ਟੀਮ ਨੇ ਉਹਨਾਂ ਦਾ ਮੈਡੀਕਲ ਨਿਰੀਖਣ ਕੀਤਾ, ਜਿਸ ਤੋਂ ਬਾਅਦ ਉਹਨਾਂ ਨੂੰ ਭਰਤੀ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ।
ਹਸਪਤਾਲ ਦੇ ਸੂਤਰਾਂ ਮੁਤਾਬਕ ਸ਼ਮਸ਼ੇਰ ਸਿੰਘ ਨੂੰ ਪੇਟ ਵਿੱਚ ਤੇਜ਼ ਦਰਦ ਅਤੇ ਕਮਜ਼ੋਰੀ ਦੀ ਸ਼ਿਕਾਇਤ ਹੈ। ਫਿਲਹਾਲ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਜਾਰੀ ਹੈ। ਲੋੜ ਪੈਣ ‘ਤੇ ਵਾਧੂ ਮੈਡੀਕਲ ਜਾਂਚ ਵੀ ਕਰਵਾਈ ਜਾ ਸਕਦੀ ਹੈ।
ਦੂਜੇ ਪਾਸੇ, ਹਸਪਤਾਲ ਕੰਪਲੈਕਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਮੁਕਤਸਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਹਸਪਤਾਲ ਵਿੱਚ ਮੌਜੂਦ ਰਹੇ, ਤਾਂ ਜੋ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਤਹਿਤ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਅਗਲਾ ਫੈਸਲਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਕਈ ਵੱਡੇ ਅਪਰਾਧਿਕ ਮਾਮਲਿਆਂ ਨਾਲ ਜੁੜਿਆ ਹੋਇਆ ਹੈ ਅਤੇ ਉਹ ਫਿਲਹਾਲ ਵਿਦੇਸ਼ ਵਿੱਚ ਫਰਾਰ ਹੈ। ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ 14 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਮੁਕਤਸਰ ਪੁਲਿਸ ਨੇ ਕੁਝ ਦਿਨ ਪਹਿਲਾਂ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਰੱਖਿਆ ਕਾਰਨਾਂ ਕਰਕੇ ਹਸਪਤਾਲ ਦੇ ਅੰਦਰ ਅਤੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

