ਚੰਡੀਗੜ੍ਹ: ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਿਤ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਇੱਕ PX5 ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਗਏ ਹਨ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਅਸਾਮ ਦੀ ਸਿਲਚਰ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਆਪਣੇ ਅਮਰੀਕਾ ਸਥਿਤ ਹੈਂਡਲਰ ਹੁਸਨਦੀਪ ਸਿੰਘ ਨੂੰ ਟਾਰਗੇਟ ਕਿਲਿੰਗ ਦੀ ਜ਼ਿੰਮੇਵਾਰੀ ਸੌਂਪੀ ਸੀ। ਜਿਸਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨਾਲ ਸੰਪਰਕ ਸਥਾਪਿਤ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਕਥਿਤ ਵਿਰੋਧੀ ਗਿਰੋਹ ਦੀ ਟਾਰਗੇਟ ਕਿਲਿੰਗ ਕਰਨ ਦੀ ਸਾਜ਼ਿਸ਼ ਰਚੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਅਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਗਗਨਦੀਪ ਉਰਫ਼ ਗਿਆਨੀ ਵਾਸੀ ਗਾਂਧੀ ਕੈਂਪ ਬਟਾਲਾ ਅਤੇ ਮਹਿਕਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਮਾਂ ਦੇ ਹਾਲ ਹੀ ਵਿੱਚ ਹੋਏ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਸਥਿਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਹੁਸਨਪ੍ਰੀਤ ਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਸ਼ੂਟਰਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨ੍ਹਾਂ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਮਹਿਕਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ, ਉਸਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਕੋਲ ਗੋਲੀਬਾਰੀ ਕਰਨ ਵਾਲਿਆਂ ਅਤੇ ਕਤਲ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਸੀ।
ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਾਥੀ ਓਮਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ, ਉਸ ਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਗਾਤਾਰ ਪੁੱਛਗਿੱਛ ਦੌਰਾਨ ਮੁਲਜ਼ਮ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਲਵਪ੍ਰੀਤ ਸਿੰਘ ਇਸ ਵਿੱਚ ਮੁੱਖ ਸਾਜ਼ਿਸ਼ਕਰਤਾ ਸੀ। ਜਿਸਨੂੰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਸੀ। ਐਸਐਸਪੀ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਇਹ ਸਾਜ਼ਿਸ਼ ਭਗਵਾਨਪੁਰੀਆ ਦੇ ਕਰੀਬੀ ਸਾਥੀ ਹੁਸਨਦੀਪ ਸਿੰਘ ਨੇ ਰਚੀ ਸੀ।