ਨਿਊਜ਼ ਡੈਸਕ : ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਇਸ ਤੋਂ ਬਾਅਦ ਆਪਣਾ ਬਿਆਨ ਜਾਰੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਵੀ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੀ ਸਰਕਾਰ ਵਾਂਗ ਵੱਡਾ ਦਿਲ ਦਿਖਾ ਕੇ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।
ਡੈਲਟਾ ਕਿਸਮ ਦਾ ਕੋਰੋਨਾ ਫੈਲਣ ਕਾਰਨ ਭਾਰਤ 22 ਮਈ ਤੋਂ 12 ਅਗਸਤ ਤੱਕ ‘ਸੀ’ ਸ਼੍ਰੇਣੀ ਵਿੱਚ ਰਿਹਾ ਸੀ ਅਤੇ ਸਿੱਖ ਸ਼ਰਧਾਲੂਆਂ ਸਣੇ ਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਮਨਜ਼ੂਰੀ ਦੀ ਲੋੜ ਸੀ, ਪਰ ਹੁਣ ਮੁਕੰਮਲ ਟੀਕਾਕਰਨ ਦੇ ਸਰਟੀਫ਼ਿਕੇਟਾਂ ਵਾਲੇ ਵਿਅਕਤੀਆਂ ਨੂੰ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਆਰਟੀ-ਪੀਸੀਆਰ ਟੈਸਟ ਰਿਪੋਰਟਾਂ ਦਿਖਾਉਣਾ ਪਵੇਗਾ ਜੋ 72 ਘੰਟਿਆਂ ਤੋਂ ਵੱਧ ਪੁਰਾਣ ਨਾ ਹੋਵੇ। ਇਸ ਤੋਂ ਇਲਾਵਾ, ਰੈਪਿਡ ਐਂਟੀਜਨ ਟੈਸਟ (ਆਰਏਟੀ) ਵੀ ਹਵਾਈ ਅੱਡਿਆਂ ‘ਤੇ ਕਰਵਾਇਆ ਜਾਵੇਗਾ ਅਤੇ ਨਤੀਜਾ ਪਾਜ਼ੀਟਿਵ ਆਉਣ ਦੀ ਹਾਲਤ ਵਿੱਚ ਵਿਅਕਤੀ ਨੂੰ ਪਾਕਿਸਤਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।