ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਪੈਂਦੇ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ-ਦਿਹਾੜੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜਗਦੀਪ ਸਿੰਘ ਇੱਕ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿੱਚ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ (ਸਮਝਦਾਰ) ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪੰਜਾਬ ਅਤੇ ਪੰਥ ਲਈ ਇੱਕ ਬਹੁਤ ਵੱਡਾ ਘਾਟਾ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ ਕਿ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਜਥੇਦਾਰ ਨੇ ਮੰਗ ਕੀਤੀ ਕਿ ਪੰਜਾਬ ਪੁਲਿਸ ਬਿਨਾਂ ਕਿਸੇ ਦੇਰੀ ਦੇ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।

