ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ SGPC ਖਿਲਾਫ਼ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਾਪਿਸ ਲੈ ਲਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਜਿਹੜਾ ਕੇਸ ਅਦਾਲਤ ਵਿੱਚ ਕੀਤਾ ਹੈ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਵਾਪਿਸ ਲੈਣ ਦਾ ਫ਼ੈਸਲਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਬਾਬਾ ਬੁੱਢਾ ਸਾਹਿਬ ਜੀ ਦੀ ਗੱਦੀ ਨੂੰ ਢਾਹ ਲਾਉਣ ਬਾਰੇ ਕਦੀ ਵੀ ਨਹੀਂ ਸੋਚ ਸਕਦੇ । ਉਨ੍ਹਾਂ ਕਿਹਾ ਕਿ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਸ ਕੇਸ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇ ਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ਇਹ ਪੰਥ ਦੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ। ਦੱਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ 29 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਖਲ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਖਤਮ ਕਰਨ ਅਤੇ ਵਿਦੇਸ਼ ਛੁੱਟੀ ਨਾ ਮਿਲਣ ਕਾਰਨ ਹੋਏ ਲੱਖਾਂ ਦੇ ਨੁਕਸਾਨ ਦਾ ਹਵਾਲਾ ਦਿੱਤਾ ਸੀ। ਜਿਸ ਦੀ ਕਲ੍ਹ ਇੱਕ ਜੁਲਾਈ ਨੂੰ ਸੁਣਵਾਈ ਹੋਣੀ ਸੀ ਹੁਣ ਆਸ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਨੂੰ ਦਰਖਾਸਤ ਦੇ ਕੇ ਇਸ ਕੇਸ ਨੂੰ ਵਾਪਿਸ ਲਿਆ ਜਾ ਸਕਦਾ ਹੈ।