ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਹਾਲ ਹੀ ਵਿਚ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਦੌਰਾਨ ਹੁਣ ਅੰਮ੍ਰਿਤਸਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਲੜਕੀ ਦੇ ਨਸ਼ੇ ਵਿੱਚ ਬੇਹੋਸ਼ ਨਜ਼ਰ ਆ ਰਹੀ ਹੈ। ਇਹ ਕੁੜੀ ਨਾਬਾਲਗ ਦੱਸੀ ਜਾ ਰਹੀ ਹੈ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਦੇਖੋ।
ਵੀਡੀਓ ਵਾਇਰਲ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਪੁਲਸ ਨੇ ਇਸ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ – ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।