ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਹੋਸਟਲ ‘ਚ ਵਾਪਰੀ ਘਟਨਾ, ਲੜਕੀ ਨੇ ਚੁੱਕਿਆ ਖੌਫਨਾਕ ਕਦਮ

Global Team
2 Min Read

ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿੱਚ ਬੀ.ਐਸ.ਸੀ ਦੀ ਪੜ੍ਹਾਈ ਕਰ ਰਹੀ ਇੱਕ ਲੜਕੀ ਵੱਲੋਂ ਬਹੁਤ ਹੀ ਡਰਾਉਣਾ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਮੁਤਾਬਕ  ਲੜਕੀ ਨੇ ਫਾਹਾ ਲੈ ਕੇ ਆਪਜ਼ੀ ਜ਼ਿੰਦਗੀ ਖਤਮ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਕਾਲਜ ਕੈਂਪਸ ਵਿੱਚ ਇੱਕ ਹੋਸਟਲ ਵਿੱਚ ਰਹਿੰਦੀ ਸੀ।

ਐਤਵਾਰ ਸ਼ਾਮ ਨੂੰ  ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਗਰਲਜ਼ ਹੋਸਟਲ ‘ਚ ਉਸ ਦੇ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ, ਜਿਸ ਤੋਂ ਬਾਅਦ ਪਹਿਲਾਂ ਵਾਰਡਨ ਅਤੇ ਪ੍ਰਬੰਧਕੀ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਫਿਰ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਹ ਖੁਲ੍ਹਾਸਾ ਨਹੀਂ ਹੋ ਸਕਿਆ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ। ਯੂਨੀਵਰਸਿਟੀ ਵੱਲੋਂ ਵੀ ਹਾਲੇ ਤੱਕ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਨਾਲ ਕਾਲੋਨੀ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਰਮਨੀਤ ਕੌਰ ਵਾਸੀ ਕੋਟਪੁਰਾ ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਵਿੱਚ ਰਹਿ ਕੇ ਹੀ ਬੀ.ਐਸ.ਸੀ. ਦੀ ਪੜ੍ਹਾਈ ਕਰ ਰਹੀ ਸੀ। ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮੌਕੇ ਤੋਂ ਕੋਈ ਸੁਸਾਈਡ ਨੋਟ ਮਿਲਿਆ ਹੈ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਰਨਾਲ ਦੇ ਇੰਚਾਰਜ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ, ਕਿ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Share This Article
Leave a Comment