ਨਵੀਂ ਦਿੱਲੀ: ਗੋਆ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕੇਜਰੀਵਾਲ ਨੂੰ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ਨੇ ਕਿਹਾ ਕਿ ਉਹਨਾਂ ਨੂੰ ਸੰਮਨ ਪ੍ਰਾਪਤ ਹੋਏ ਹਨ ਪਰ ਉਹ ਦਿੱਲੀ ਦੇ ਮੁੱਖ ਮੰਤਰੀ ਵਿਰੁੱਧ ਅਪਰਾਧਿਕ ਕੇਸ ਦੇ ਵੇਰਵਿਆਂ ਤੋਂ ਜਾਣੂ ਨਹੀਂ ਹੈ।
ਅਦਾਲਤੀ ਸੂਤਰਾਂ ਅਨੁਸਾਰ ਰਿਸ਼ਵਤਖੋਰੀ ਨਾਲ ਸਬੰਧਤ ਆਈਪੀਸੀ ਦੀ ਧਾਰਾ 171 (ਈ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਪੁਸਾ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਨੇ ਇਹ ਸੰਮਨ ਜਾਰੀ ਕੀਤੇ ਹਨ। ‘ਆਪ’ ਗੋਆ ਦੇ ਮੁਖੀ ਅਮਿਤ ਪਾਲੇਕਰ ਨੇ ਕਿਹਾ ਕਿ ਕੇਜਰੀਵਾਲ ਦੇ ਅਦਾਲਤ ‘ਚ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੂੰ ਮੰਗਲਵਾਰ ਨੂੰ ਸੰਮਨ ਮਿਲੇ ਹਨ।
ਉਹਨਾਂ ਕਿਹਾ “ਇੰਝ ਲੱਗਦਾ ਹੈ ਕਿ ਚਾਰਜਸ਼ੀਟ 2018 ਵਿੱਚ ਦਾਇਰ ਕੀਤੀ ਗਈ ਸੀ। ਸਾਨੂੰ ਕੇਸ ਦੇ ਬਹੁਤੇ ਵੇਰਵੇ ਨਹੀਂ ਪਤਾ,” । ਪਾਲੇਕਰ ਖੁਦ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਨੂੰ ਕੇਜਰੀਵਾਲ ਵਲੋਂ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਦਸਤਾਵੇਜ਼ ਪ੍ਰਾਪਤ ਕਰਾਂਗੇ ਅਤੇ ਫਿਰ ਫੈਸਲਾ ਕਰਾਂਗੇ ਕਿ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇ ਜਾਂ ਨਹੀਂ। ‘ਆਪ’ ਨੇ 2017 ਅਤੇ 2022 ‘ਚ ਗੋਆ ਵਿਧਾਨ ਸਭਾ ਚੋਣਾਂ ਲੜੀਆਂ ਸਨ। 2017 ਵਿੱਚ ਕੋਈ ਸੀਟ ਨਹੀਂ ਮਿਲੀ ਸੀ, ਜਦਕਿ 2022 ਵਿੱਚ ਦੋ ਸੀਟਾਂ ਜਿੱਤੀਆਂ ਸਨ।
ਕੇਜਰੀਵਾਲ ਨੂੰ ਇਹ ਸੰਮਨ ਉਸ ਸਮੇਂ ਆਇਆ ਹੈ ਜਦੋਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਾਰਟੀ ਨੇ ਆਪਣੀ ਸਥਾਪਨਾ ਦੇ 11 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਸੀ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਪਾਰਟੀ ਵਰਕਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 11 ਸਾਲਾਂ ਵਿੱਚ ਰਾਸ਼ਟਰੀ ਪਾਰਟੀ ਬਣਨ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।