ਗਰਮੀਆਂ ‘ਚ ਪੰਜਾਬੀਆਂ ਨੂੰ ਮਿਲੇਗੀ ਰਾਹਤ ਜਾਂ ਬਿਜਲੀ ਕੱਟ ਕੱਢਣਣਗੇ ਵੱਟ? ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਨੇ ਵੱਡਾ ਐਲਾਨ

Prabhjot Kaur
3 Min Read

ਚੰਡੀਗੜ੍ਹ: ਇਕ ਪਾਸੇ ਜਿੱਥੇ ਅੱਤ ਦੀ  ਗਰਮੀ ਲੋਕਾਂ ਦਾ ਜਿਓਣਾ ਮੁਹਾਲ ਕਰ ਦਿੰਦੀ ਹੈ। ਉੱਥੇ ਹੀ ਪਾਵਰ ਕਾਰਪੋਰੇਸ਼ਨ ਵੱਲੋਂ ਲਾਏ ਜਾਂਦੇ ਸਾਰੇ ਦਿਨ ਦੇ ਬਿਜਲੀ ਕੱਟ ਲੋਕਾਂ ਨੂੰ ਘਰ ‘ਚ ਆਰਾਮ ਕਰਨ ਜੋਗੇ ਨਹੀਂ ਛੱਡਦੇ। ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ, ਪੰਜਾਬ ਵਿਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਵਲੋਂ  ਗੋਇੰਦਵਾਲ ਥਰਮਲ ਪਲਾਂਟ  ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਕਿ ਇਸ ਨੂੰ ਜੂਨ ਮਹੀਨੇ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ ਤੇ ਇਸ ਨੂੰ ਖਰੀਦਣ ਲਈ ਪਾਵਰਕੌਮ ਵਲੋਂ 1080 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ  11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਵਿਚ 548 ਮੈਗਾਵਾਟ ਦੇ ਇਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਪਲਾਂਟ ਹੈਦਰਾਬਾਦ ਦੀ ਕੰਪਨੀ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਤੋਂ ਖਰੀਦਿਆ ਗਿਆ ਹੈ। ਇਸ ਸੌਦੇ ਨੂੰ ਅੰਤਿਮ ਰੂਪ ਦੇਣ ਵਿਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਸਰਕਾਰ ਵਲੋਂ ਥਰਮਲ ਪਲਾਂਟ ਚਲਾਉਣ ਲਈ ਬਣਾਈ ਗਈ ਕਮੇਟੀ ਵਿਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment