ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਐਡਵੋਕੇਟ ਧਾਮੀ

Rajneet Kaur
2 Min Read

ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ।

SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਇਸ ਕੇਸ ਸਬੰਧੀ ਚਲਾਨ ਪੇਸ਼ ਹੋਇਆ ਸੀ, ਜਿਸ ‘ਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਹੀ ਕਰਦੀ ਰਹੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖਾਂ ਲਈ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਕੇਵਲ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲ ਵਿਚ ਇਸ ਮਾਮਲੇ ’ਤੇ ਆਪਣਾ ਮਜਬੂਤ ਪੱਖ ਰੱਖਦੀ, ਪਰ ਸਰਕਾਰ ਦੀ ਨਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment