ਹੁਣ ਪੈਟਰੋਲ ਪੰਪਾਂ ‘ਤੇ ਵੀ ਮਿਲੇਗਾ ਕੇਰੋਸੀਨ! ਈਰਾਨ ਸੰਕਟ ਵਿਚਕਾਰ ਮੋਦੀ ਸਰਕਾਰ ਦਾ ਵੱਡਾ ਫੈਸਲਾ

Global Team
3 Min Read

ਨਵੀ ਦਿੱਲੀ : ਈਰਾਨ ਅਤੇ ਇਜ਼ਰਾਈਲ-ਅਮਰੀਕਾ ਵਿਚਾਲੇ ਜਾਰੀ ਜੰਗ ਕਾਰਨ ਪੈਦਾ ਹੋਏ ਊਰਜਾ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਮਿੱਟੀ ਦੇ ਤੇਲ (ਕੇਰੋਸੀਨ) ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ ਤੋਂ ਬਾਅਦ, ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿੱਚ ਮਿੱਟੀ ਦੇ ਤੇਲ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ।

ਪੈਟਰੋਲੀਅਮ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ, ਹੁਣ ਰਾਸ਼ਨ ਦੀਆਂ ਦੁਕਾਨਾਂ ਦੇ ਨਾਲ-ਨਾਲ ਪੈਟਰੋਲ ਪੰਪਾਂ ‘ਤੇ ਵੀ ਮਿੱਟੀ ਦਾ ਤੇਲ ਮਿਲੇਗਾ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਵਰਗੀਆਂ ਸਰਕਾਰੀ ਤੇਲ ਕੰਪਨੀਆਂ ਚੋਣਵੇਂ ਪੈਟਰੋਲ ਪੰਪਾਂ ‘ਤੇ ਮਿੱਟੀ ਦਾ ਤੇਲ ਮੁਹੱਈਆ ਕਰਵਾਉਣਗੀਆਂ, ਜਿੱਥੋਂ ਆਮ ਲੋਕ ਇਸਨੂੰ ਖਰੀਦ ਸਕਣਗੇ। ਰਸੋਈ ਗੈਸ ਦੀ ਕਿੱਲਤ ਦੇ ਵਿਚਕਾਰ, ਲੋਕ ਮਿੱਟੀ ਦੇ ਤੇਲ ਦੀ ਵਰਤੋਂ ਕਰ ਕੇ ਸਟੋਵ ‘ਤੇ ਖਾਣਾ ਬਣਾ ਸਕਣਗੇ।

ਕੇਂਦਰ ਨੇ ਕਿਹਾ ਕਿ ਸਰਕਾਰ ਘਰਾਂ ਵਿੱਚ ਮਿੱਟੀ ਦੇ ਤੇਲ ਦੀ ਤੇਜ਼ੀ ਨਾਲ ਵੰਡ ਨੂੰ ਮਨਜ਼ੂਰੀ ਦੇਣ ਲਈ ਪੈਟਰੋਲੀਅਮ ਸੁਰੱਖਿਆ ਅਤੇ ਲਾਇਸੈਂਸ ਨਿਯਮਾਂ ਵਿੱਚ ਢਿੱਲ ਦੇ ਰਹੀ ਹੈ, ਕਿਉਂਕਿ ਈਰਾਨ ਦੀ ਜੰਗ ਨੇ ਦੁਨੀਆ ਭਰ ਵਿੱਚ ਊਰਜਾ ਦੀ ਸਪਲਾਈ ਨੂੰ ਪ੍ਰਭਾਵਿਤ ਕੀਤਾ ਹੈ। ਨਵੇਂ ਨਿਯਮਾਂ ਅਨੁਸਾਰ, ਦੇਸ਼ ਦੇ ਉਨ੍ਹਾਂ ਰਾਜਾਂ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿੱਥੇ ਪਹਿਲਾਂ PDS (ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ) ਯਾਨੀ ਜਨਤਕ ਵੰਡ ਪ੍ਰਣਾਲੀ ਦੇ ਤਹਿਤ ਮਿੱਟੀ ਦਾ ਤੇਲ ਨਹੀਂ ਦਿੱਤਾ ਜਾਂਦਾ ਸੀ। ਇਨ੍ਹਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਰਗੇ ਵੱਡੇ ਰਾਜ ਸ਼ਾਮਲ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਉਪਾਵਾਂ ਨਾਲ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਖਾਣਾ ਪਕਾਉਣ ਅਤੇ ਰੋਸ਼ਨੀ ਲਈ ਘਰਾਂ ਵਿੱਚ ਮਿੱਟੀ ਦੇ ਤੇਲ ਦੀ ਤੁਰੰਤ ਵੰਡ ਸੰਭਵ ਹੋ ਸਕੇਗੀ।

ਇਸ ਤੋਂ ਇਲਾਵਾ ਤੇਲ ਡੀਜ਼ਲ ‘ਤੇ ਸਰਕਾਰ ਦਾ ਕਹਿਣਾ ਹੈ ਕਿ ਸਾਰੀਆਂ ਰਿਫਾਇਨਰੀਆਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ ਅਤੇ ਕੱਚੇ ਤੇਲ ਦਾ ਲੋੜੀਂਦਾ ਸਟਾਕ ਮੌਜੂਦ ਹੈ। ਪੈਟਰੋਲ-ਡੀਜ਼ਲ ਦੀ ਉਪਲਬਧਤਾ ਦੇਸ਼ ਭਰ ਦੇ ਸਾਰੇ ਪੈਟਰੋਲ ਪੰਪਾਂ ‘ਤੇ ਆਮ ਵਾਂਗ ਬਣੀ ਹੋਈ ਹੈ। ਘਰੇਲੂ ਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਫਾਇਨਰੀਆਂ ਤੋਂ ਐਲ.ਪੀ.ਜੀ (LPG) ਦਾ ਉਤਪਾਦਨ ਵੀ ਵਧਾਇਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment