ਨਵੀ ਦਿੱਲੀ, 22 ਮਾਰਚ: ਬੀਤੇ ਦਿਨੀਂ ਅਮਰੀਕਾ ਵੱਲੋਂ ਇੱਕ ਭਾਰਤੀ ਖੋਜਕਰਤਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇੱਕ ਹੋਰ ਵਿਦਿਆਰਥੀ ਨੂੰ ਅਮਰੀਕਾ ਛੱਡ ਕੇ ਕੈਨੇਡਾ ਡਿਪੋਰਟ ਹੋਣਾ ਪਿਆ ਹੈ। ਅਜਿਹੇ ਵਿੱਚ ਭਾਰਤ ਸਰਕਾਰ ਨੇ ਅਮਰੀਕਾ ਵਿੱਚ ਪੜ੍ਹ ਰਹੇ ਆਪਣੇ ਨਾਗਰਿਕਾਂ ਨੂੰ ਅਮਰੀਕੀ ਕਾਨੂੰਨਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਜਾਰਜਟਾਊਨ ਯੂਨੀਵਰਸਿਟੀ ਦੇ ਪੋਸਟ-ਡਾਕਟੋਰਲ ਫੈਲੋ ਬਦਰ ਖਾਨ ਸੂਰੀ ‘ਤੇ ਅਮਰੀਕੀ ਅਧਿਕਾਰੀਆਂ ਨੇ “ਹਮਾਸ ਦਾ ਪ੍ਰੋਪੇਗੰਡਾ” ਫੈਲਾਉਣ ਦਾ ਦੋਸ਼ ਲਗਾਇਆ। ਜਦੋਂ ਕਿ ਕੋਲੰਬੀਆ ਯੂਨੀਵਰਸਿਟੀ ਦੀ ਵਿਦਿਆਰਥਣ ਰੰਜਨੀ ਸ੍ਰੀਨਿਵਾਸਨ ਦਾ ਵੀਜ਼ਾ ਫਿਲਸਤੀਨ ਪੱਖੀ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਰੱਦ ਕਰ ਦਿੱਤਾ ਗਿਆ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੈਸਵਾਲ ਨੇ ਕਿਹਾ ਕਿ ਵੀਜ਼ਾ ਅਤੇ ਇਮੀਗ੍ਰੇਸ਼ਨ ਮਾਮਲੇ ਉਸ ਦੇਸ਼ ਦੇ ਪ੍ਰਭੂਸੱਤਾ ਅਧਿਕਾਰਾਂ ਦੇ ਅਧੀਨ ਆਉਂਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਅਮਰੀਕਾ ਨੂੰ ਅਜਿਹੇ ਅੰਦਰੂਨੀ ਮਾਮਲਿਆਂ ‘ਤੇ ਫੈਸਲਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ, “ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਵਿਦੇਸ਼ੀ ਨਾਗਰਿਕ ਭਾਰਤ ਆਉਣ, ਤਾਂ ਉਹ ਸਾਡੇ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨਗੇ। ਇਸੇ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਭਾਰਤੀ ਨਾਗਰਿਕ ਵਿਦੇਸ਼ ਵਿੱਚ ਹਨ, ਤਾਂ ਉਨ੍ਹਾਂ ਨੂੰ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।”
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਅਮਰੀਕਾ ਸਥਿਤ ਭਾਰਤੀ ਦੂਤਾਵਾਸ ਉਨ੍ਹਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਭਾਰਤੀ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਹਨ ਅਤੇ ਸਰਕਾਰ ਅਮਰੀਕਾ ਨਾਲ ਵਿਦਿਅਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ। ਜੇਕਰ ਕਿਸੇ ਭਾਰਤੀ ਵਿਦਿਆਰਥੀ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਦੂਤਾਵਾਸ ਉਨ੍ਹਾਂ ਦੀ ਭਲਾਈ (ਅਤੇ) ਸੁਰੱਖਿਆ ਵਿੱਚ ਮਦਦ ਕਰਨ ਲਈ ਮੌਜੂਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।