ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਭਾਰਤ ਸਰਕਾਰ ਨੂੰ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਵੱਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ। ਹਰ ਪੇਸ਼ੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਮੱਦਦ ਲਈ ਵਚਨਬੱਧ ਹੈ।
ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ। ਨੌਜੁਆਨ ਲੜਕੀ ਨੌਦੀਪ ਕੌਰ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਦਿੱਲੀ ਵਿਖੇ ਸ਼ਹੀਦ ਹੋਏ ਨਵਦੀਪ ਸਿੰਘ ਸਮੇਤ ਹੋਰ ਕਿਸਾਨ ਜੋ ਸੰਘਰਸ਼ ਦੌਰਾਨ ਚਲਾਣਾ ਕਰ ਗਏ ਹਨ, ਸਬੰਧੀ ਵੀ ਬੀਬੀ ਜਗੀਰ ਕੌਰ ਨੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਦੇ ਅਕਾਲ ਚਲਾਣਾ ਸਬੰਧੀ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।