ਨਵੀਂ ਦਿੱਲੀ: ਮੰਦਿਰ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਸ਼ੁਰੂ ਕੀਤੀ ਜਾਵੇਗੀ। ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਹਰ ਮਹੀਨੇ ਮਾਣ ਭੱਤਾ ਦਿੱਤਾ ਜਾਵੇਗਾ। ਇਸ ਯੋਜਨਾ ਤਹਿਤ ਪੁਜਾਰੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਇਸ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ਪੁਜਾਰੀ ਭਗਵਾਨ ਦੀ ਪੂਜਾ ਕਰਦੇ ਹਨ, ਜੋ ਸਦੀਆਂ ਤੋਂ ਸਾਡੀਆਂ ਪਰੰਪਰਾਵਾਂ ਅਤੇ ਰੀਤੀ-ਰਿਵਾਜਾਂ ਨੂੰ ਪੀੜ੍ਹੀ ਦਰ ਪੀੜ੍ਹੀ ਚਲਾਉਂਦੇ ਆ ਰਹੇ ਹਨ। ਅਸੀਂ ਪੁਜਾਰੀ ਵੱਲ ਕਦੇ ਧਿਆਨ ਨਹੀਂ ਦਿੱਤਾ। ਅੱਜ ਇਸ ਸਕੀਮ ਰਾਹੀਂ ਮੈਂ ਇਸ ਨੂੰ ਤਨਖ਼ਾਹ ਜਾਂ ਉਪਕਾਰ ਨਹੀਂ ਕਹਾਂਗਾ, ਸਗੋਂ ਉਨ੍ਹਾਂ ਦੇ ਸਨਮਾਨ ਲਈ ਇਹ ਐਲਾਨ ਕਰ ਰਿਹਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੁਜਾਰੀਆਂ ਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਭਲਕੇ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਮੰਗਲਵਾਰ ਨੂੰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਦਾ ਦੌਰਾ ਕਰਨਗੇ ਅਤੇ ਉਥੇ ਪੁਜਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੁਆਇਨਾ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।