ਮੁਹਾਲੀ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ‘ਚ ਐਂਟੀ-ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਇਸ ਨੂੰ ਪਹਿਲਾਂ ਤੋਂ ਕੰਮ ਕਰ ਰਹੇ STF ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਭ ਤੋਂ ਵੱਡੀ ਜੰਗ ਨਸ਼ਿਆਂ ਖਿਲਾਫ ਚੱਲ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਕਈ ਸਮੱਗਲਰ ਫੜੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ 400 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਪਹਿਲਾਂ ਸਾਡੇ ਕੋਲ ਨਸ਼ਿਆਂ ਲਈ ਵਿਸ਼ੇਸ਼ ਟਾਸਕ ਫੋਰਸ ਸੀ ਜਿਸ ਨੂੰ ਅਸੀਂ ਅਪਡੇਟ ਕੀਤਾ ਹੈ। ਇਸ ਦਾ ਨਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਰੱਖਿਆ ਗਿਆ ਹੈ। ਪਹਿਲਾਂ ਇਨ੍ਹਾਂ ਦੀ ਗਿਣਤੀ 400 ਸੀ ਅਤੇ ਹੁਣ ਵਧਾ ਕੇ 800 ਕਰ ਦਿੱਤੀ ਗਈ ਹੈ। ਇਸ ਥਾਣੇ ਨੂੰ ਅੱਪਡੇਟ ਕਰਨ ਲਈ 90 ਲੱਖ ਰੁਪਏ ਖਰਚ ਆਏ ਹਨ।
ਸਾਡਾ ਇੱਕੋ ਖ਼ੁਆਬ, ਨਸ਼ਾ ਮੁਕਤ ਹੋਵੇ ਪੰਜਾਬ… ਐਂਟੀ-ਨਾਰਕੌਟਿਕਸ ਟਾਸਕ ਫੋਰਸ (ANTF) ਦੀ ਨਵੀਂ ਇਮਾਰਤ ਦਾ ਉਦਘਾਟਨ ਅਤੇ ਵਟਸਐਪ ਨੰਬਰ ਜਾਰੀ ਕਰ ਰਹੇ ਹਾਂ, ਮੋਹਾਲੀ ਤੋਂ Live… https://t.co/vRWNa8yKZz
— Bhagwant Mann (@BhagwantMann) August 28, 2024
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਟਸਐਪ ਨੰਬਰ 9779100200 ਵੀ ਜਾਰੀ ਕੀਤਾ ਹੈ। ਇਸਦੇ ਲਈ ਕੋਈ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਦੇ ਸਕਦਾ ਹੈ ਅਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਲੈਣ ਵਾਲਿਆਂ ਨੂੰ ਅਸੀਂ ਮਰੀਜ਼ ਸਮਝਦੇ ਹਾਂ ਪਰ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਆਧੁਨਿਕ ਸਾਜੋ ਸਮਾਨ ਲਈ 12 ਕਰੋੜ ਰੁਪਏ ਦਿੱਤੇ ਗਏ ਹਨ। ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਭਰਤੀਆਂ ਦੀ ਵੀ ਤਜਵੀਜ਼ ਹੈ।
ਸੀਐਮ ਮਾਨ ਨੇ ਕਿਹਾ ਕਿ 24 ਘੰਟੇ ਅਪਰਾਧ ਦੇ ਕੇਸ ਹੱਲ ਕੀਤੇ ਜਾ ਰਹੇ ਹਨ। ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਹਰ ਚੌਰਾਹੇ ਤੇ ਕੈਮਰੇ ਲਾਏ ਜਾ ਰਹੇ ਹਨ, ਜਿਨ੍ਹਾਂ ਦਾ ਕੰਟਰੋਲ ਰੂਮ ਵੀ ਇਸ ਇਮਾਰਤ ਵਿੱਚ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।