ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ ’ਤੇ ਉਦਾਸੀਨਤਾ ਵਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਸਮੇਂ ਸਮੇਂ ਲਿਖੇ ਪੱਤਰਾਂ ਅਤੇ ਭੇਜੇ ਮਤਿਆਂ ’ਤੇ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਲੋਕਲ ਪ੍ਰਬੰਧ ਵਾਲੇ 30 ਤੋਂ ਵੱਧ ਇਤਿਹਾਸਕ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠ ਲਿਆਉਣ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਭਾਰਤ ਸਰਕਾਰ ਨੂੰ ਕਈ ਵਾਰ ਲਿਖਿਆ ਜਾ ਚੁੱਕਾ ਹੈ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਇਸ ’ਤੇ ਕੋਈ ਵੀ ਹੁੰਗਾਰਾ ਨਹੀਂ ਭਰ ਰਹੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ ਪ੍ਰਤੀ ਗੰਭੀਰ ਹੀ ਨਹੀਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ’ਤੇ ਸੰਜੀਦਾ ਵਿਚਾਰ ਮਗਰੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਦੇ ਇਸ ਬੇਰੁਖੀ ਵਾਲੇ ਰਵੱਈਏ ਤਹਿਤ ਹੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾਂਦੀਆਂ।