ਗੁਰਦਾਸਪੁਰ: ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਏ.ਐੱਲ.ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ। ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਨ ਅਤੇ ਉਹ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।