ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦਾ ਫਰਮਾਨ ਦੇਣ ਵਾਲੇ ਕਾਲਜ਼ ਵਿਰੁੱਧ ਸਖ਼ਤ ਕਾਰਵਾਈ ਕਰੇ ਕੇਂਦਰ ਸਰਕਾਰ: ਸੁਖਦੇਵ ਸਿੰਘ ਢੀਂਡਸਾ

TeamGlobalPunjab
3 Min Read

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਰਨਾਟਕ ਦੇ ਇੱਕ ਕਾਲਜ਼ ਵੱਲੋਂ ਅਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦੇ ਜਾਰੀ ਕੀਤੇ ਗਏ ਫਰਮਾਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਕਾਲਜ਼ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਅਤੇ ਉਪਰੋਕਤ ਕਾਲਜ਼ ਦੇ ਪ੍ਰਬੰਧਕਾਂ ਵਿਰੁੱਧ ਤੁਰੰਤ ਮਾਮਲਾ ਦਰਜ ਕਰਨ ਅਤੇ ਕਾਲਜ਼ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਦੇ ਵਿੱਦਿਅਕ ਅਦਾਰਿਆਂ `ਚ ਸਿੱਖ ਵਿਦਿਆਰਥੀਆਂ ਨਾਲ ਹੋਏ ਧੱਕੇ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਸ: ਢੀਂਡਸਾ ਨੇ ਕਿਹਾ ਕਿ ਕਰਨਾਟਕ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹਾਲ ਹੀ ਵਿੱਚ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦਾ ਜਾਰੀ ਕੀਤਾ ਗਿਆ ਫਰਮਾਨ ਵੀ ਇਸੇ ਲੜੀ ਦਾ ਹਿੱਸਾ ਹੈ। ਜੋ ਕਿ ਬੇਹੱਦ ਮੰਦਭਾਗਾ ਹੈ। ਸ: ਢੀਂਡਸਾ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕਰਨਾਟਕ ਸਰਕਾਰ ਨੂੰ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨੂੰ ਆਪਣੇ ਧਰਮ ਨੂੰ ਮੰਨਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਸ: ਢੀਂਡਸਾ ਨੇ ਇਸ ਸਬੰਧ ਵਿੱਚ ਕਰਨਾਟਕ ਸਰਕਾਰ ਨੂੰ ਸੂਬੇ ਦੇ ਵਿੱਦਿਅਕ ਅਦਾਰਿਆਂ ਨੂੰ ਜਰੂਰੀ ਹਦਾਇਤਾਂ ਦੇਣ ਨੂੰ ਕਿਹਾ ਤਾਂ ਜੋ ਸਿੱਖਾਂ ਸਮੇਤ ਘੱਟ ਗਿਣਤੀ ਵਿਦਿਆਰਥੀ ਧਾਰਮਿਕ ਆਜ਼ਾਦੀ ਨਾਲ ਕਾਲਜ਼ਾਂ ਅਤੇ ਹੋਰਨਾਂ ਥਾਵਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਦਾਖ਼ਲ ਹੋ ਸਕਣ।

ਉਨ੍ਹਾਂ ਕਿਹਾ ਕਿ ਬੰਗਲੂਰੂ ਦੇ ਕਾਲਜ਼ ਵੱਲੋਂ ਅਦਾਲਤ ਦੇ ਜਿਸ ਆਦੇਸ਼ ਦਾ ਹਵਾਲਾ ਦੇਕੇ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ, ਉਸ ਆਦੇਸ਼ ਵਿੱਚ ਸਿੱਖੀ ਦਸਤਾਰ ਦਾ ਕੋਈ ਜਿ਼ਕਰ ਨਹੀ ਹੈ। ਇਸ ਕਰਕੇ ਕਾਲਜ਼ ਪ੍ਰਸ਼ਾਸਨ ਦਾ ਸਿੱਖ ਵਿਦਿਆਰਥਣ ਨੂੰ ਦਸਤਾਰ ਸਜਾਉਣ ਤੋਂ ਰੋਕਣਾ ਸਹੀ ਨਹੀ ਹੈ। ਸ: ਢੀਂਡਸਾ ਨੇ ਕੇਂਦਰ ਸਰਕਾਰ ਤੋਂ ਦਸਤਾਰ ਅਤੇ ਪੰਜ ਕਕਾਰਾਂ ਨੂੰ ਸੰਵਿਧਾਨਕ ਸੁਰੱਖਿਆ ਦੇਣ ਲਈ ਸੰਵਿਧਾਨ ਵਿੱਚ ਸੋਧ ਲਿਆਉਣ ਦੀ ਵੀ ਮੰਗ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment