ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ

TeamGlobalPunjab
3 Min Read

ਮੁੱਖ ਮੰਤਰੀ ਨੇ ਦੁਸਹਿਰੇ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ

 

ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

- Advertisement -

ਦੁਸਹਿਰੇ ਦੇ ਸ਼ੁਭ ਅਵਸਰ ‘ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚਮਕੌਰ ਸਾਹਿਬ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਮੋਰਿੰਡਾ ਵਿਖੇ ਜਲਦ ਹੀ ਇੱਕ ਟਰੌਮਾ ਸੈਂਟਰ ਵੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਪਸ਼ੂਧਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਬਿਹਤਰ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਵਿੱਚ ਦਿਹਾਤੀ ਖੇਤਰਾਂ ਦੀਆਂ ਪਸ਼ੂ ਪਾਲਣ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਚੰਨੀ ਨੇ ਮੋਰਿੰਡਾ ਕਸਬੇ ਲਈ 42 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ ਪ੍ਰੋਜੈਕਟ ਅਤੇ 28 ਕਰੋੜ ਰਪਏ ਦੀ ਲਾਗਤ ਨਾਲ ਨਹਿਰ ਅਧਾਰਤ ਜਲ ਸਪਲਾਈ ਯੋਜਨਾ ਦਾ ਵੀ ਐਲਾਨ ਕੀਤਾ, ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਖੇਤਰ ਵਿੱਚ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਦੁਸਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ।

 

- Advertisement -

 

ਚੰਨੀ ਨੇ ਅੱਗੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ‘ਤੇ ਨੇਕੀ ਦੀ ਜਿੱਤ ਦੇ ਵਿਸ਼ਵਵਿਆਪੀ ਸੱਚ ਦੀ ਯਾਦ ਦਿਵਾਉਂਦਾ ਹੈ ਅਤੇ ਇਹ ਤਿਉਹਾਰ ਫਿਰਕੂ ਰੁਕਾਵਟਾਂ ਨੂੰ ਪਾਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮੇਲ-ਜੋਲ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਤਿਉਹਾਰ ਦੀ ਸ਼ਾਨਾਮੱਤੀ ਵਿਰਾਸਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਜੈਦਸ਼ਮੀ ਬਦੀ ਉੱਤੇ ਨੇਕੀ ਦੀ ਜਿੱਤ ਦੀ ਅਟੱਲਤਾ ਵਿੱਚ ਸਾਡੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਜਿਸ ਨਾਲ ਅੱਗੇ ਲੋਕਾਂ ਵਿੱਚ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤੀ, ਰੰਗ ਅਤੇ ਨਸਲ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਧਾਰਮਿਕ ਉਤਸ਼ਾਹ ਨਾਲ ਇਸ ਸ਼ੁਭ ਅਵਸਰ ਨੂੰ ਮਨਾਉਣ ਦੀ ਅਪੀਲ ਵੀ ਕੀਤੀ।

Share this Article
Leave a comment