ਜਗਤਾਰ ਸਿੰਘ ਸਿੱਧੂ;
ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਬੀਤੇ ਰਾਤ ਘਰ ਤੇ ਸੁੱਟੇ ਹੈੱਡ ਗਰਨੇਡ ਦੀ ਘਟਨਾ ਨੇ ਜਿਥੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ ਉਤੇ ਆ ਗਈ ਹੈ। ਭਾਜਪਾ ਨੇਤਾ ਕਾਲੀਆ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਦੇ ਵੱਡੇ ਭਾਜਪਾ ਆਗੂਆਂ ਵਿੱਚ ਉਨਾਂ ਦਾ ਨਾਂ ਹੈ ।ਬੇਸ਼ੱਕ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹਮਲੇ ਲਈ ਵਰਤਿਆ ਗਿਆ ਆਟੋ ਰਿਕਸ਼ਾ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ ਪਰ ਭਾਜਪਾ ਪੂਰੀ ਤਰ੍ਹਾਂ ਇਸ ਮਾਮਲੇ ਵਿੱਚ ਮਨੋਰੰਜਨ ਕਾਲੀਆ ਦੇ ਨਾਲ ਖੜ੍ਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੋਨ ਉਪਰ ਕਾਲੀਆ ਨਾਲ ਗੱਲ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਵੀ ਕਾਲੀਆ ਨਾਲ ਗੱਲ ਕਰਕੇ ਸਥਿਤੀ ਦਾ ਪਤਾ ਲਾਇਆ ਹੈ। ਪੰਜਾਬ ਤੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਮਾਨ ਸਰਕਾਰ ਨੂੰ ਚੁਣੌਤੀ ਦਿੱਤੀ ਹੈ ।ਆਪ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਭਾਜਪਾ ਨੇਤਾ ਕਾਲੀਆ ਨਾਲ ਫੋਨ ਤੇ ਗੱਲ ਕੀਤੀ ਹੈ।
ਅਹਿਮ ਸਵਾਲ ਤਾਂ ਇਹ ਹੈ ਕਿ ਮਨੋਰੰਜਨ ਕਾਲੀਆ ਦੇ ਘਰ ਉੱਪਰ ਹਮਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਵੱਡੀ ਸਾਜਿਸ਼ ਵਜੋਂ ਵੇਖਿਆ ਜਾ ਰਿਹਾ ਹੈ । ਕਾਲੀਆ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਮੌਕੇ ਪੰਜਾਬ ਕੈਬਨਿਟ ਦੇ ਮੈਂਬਰ ਸਨ ਅਤੇ ਉਨਾਂ ਦਾ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਇਕ ਨਾਂ ਹੈ। ਬੇਸ਼ਕ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਭਾਰਤ ਵਿਰੋਧੀ ਤਾਕਤਾਂ ਪਾਕਿਸਤਾਨ ਵਿੱਚ ਬੈਠੇ ਤੱਤਾਂ ਨਾਲ ਮਿਲਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਪੰਜਾਬ ਪੁਲਿਸ ਅਜਿਹੀਆਂ ਸਥਿਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਜਲੰਧਰ ਵਰਗੇ ਸ਼ਹਿਰ ਅੰਦਰ ਆਕੇ ਭਾਜਪਾ ਨੇਤਾ ਦੇ ਘਰ ਬੰਬ ਸੁੱਟਣ ਦੀ ਘਟਨਾ ਪੰਜਾਬ ਦੀ ਮਾੜੀ ਅਮਨ ਕਾਨੂੰਨ ਦੀ ਸਥਿਤੀ ਦਾ ਪ੍ਰਗਟਾਵਾ ਹੈ। ਭਾਜਪਾ ਵਲੋਂ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਨੂੰ ਅਮਨ ਕਾਨੂੰਨ ਵਿਵਸਥਾ ਵਿਗੜਨ ਲਈ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਦੂਜੇ ਪਾਸੇ ਸਵਾਲ ਤਾਂ ਇਹ ਵੀ ਉਠਦਾ ਹੈ ਕਿ ਪੰਜਾਬ ਦੇ ਪਾਕਿਸਤਾਨ ਨਾਲ ਲਗਦੇ ਲੰਮੇ ਬਾਰਡਰ ਦੇ ਅੰਦਰਲੇ ਪਾਸੇ ਪੰਜਾਹ ਕਿਲੋਮੀਟਰ ਦੀ ਰੱਖਿਆ ਦੀ ਜਿੰਮੇਵਾਰੀ ਕੇਂਦਰੀ ਫੋਰਸ ਬੀ ਐਸ ਐਫ ਕੋਲ ਹੈ ।ਇਸ ਲਈ ਜੇਕਰ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਹੈ ਤਾਂ ਇਸ ਦੀ ਜਿੰਮੇਵਾਰੀ ਪੰਜਾਬ ਦੇ ਨਾਲ ਨਾਲ ਕੇਂਦਰ ਦੀ ਵੀ ਬਣਦੀ ਹੈ। ਪੰਜਾਬ ਨੇ ਪਹਿਲਾਂ ਵੀ ਬਹੁਤ ਸੰਤਾਪ ਭੋਗਿਆ ਹੈ ਅਤੇ ਇਸ ਲਈ ਸਾਰੀਆਂ ਧਿਰਾਂ ਨੂੰ ਰਾਜਨੀਤੀ ਕਰਨ ਦੀ ਥਾਂ ਪੰਜਾਬ ਦੇ ਅਮਨ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਦਾ ਰਾਜਨੀਤੀ ਤੋਂ ਉਪਰ ਉਠਕੇ ਸਾਂਝਾ ਉਪਰਾਲਾ ਕਰਨ ਦੀ ਲੋੜ ਹੈ।ਖਾਸ ਤੌਰ ਉਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਿਲਕੇ ਠੋਸ ਉਪਰਾਲੇ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੰਜਾਬ ਨੂੰ ਮੁੜ ਮੁਸੀਬਤ ਦੇ ਰਾਹ ਪੈਣ ਤੋਂ ਬਚਾਇਆ ਜਾ ਸਕੇ।
ਸੰਪਰਕ 9814002186