ਅੰਮ੍ਰਿਤਸਰ : ਇਕ ਪਾਸੇ ਜਿਥੇ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦਿੱਲੀ ਅੰਦਰ ਤੇਜ਼ ਹੁੰਦੇ ਜਾ ਰਹੇ ਹਨ ਤਾਂ ਉੱਥੇ ਹੀ ਸਿਆਸੀ ਪਾਰਟੀਆਂ ਵੀ ਹੁਣ ਸੂਬਾ ਪੱਧਰੀ ਪ੍ਰਦਰਸ਼ਨ ਤੇਜ਼ ਕਰਦੀਆਂ ਜਾ ਰਹੀਆਂ ਹਨ । ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹੁਣ ਹਲਕਾ ਪੱਧਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦਿੱਲੀ ਚ ਪ੍ਰਦਰਸ਼ਨ ਹੋ ਰਿਹਾ ਹੈ ਉੱਥੇ ਹੀ ਪ੍ਰਦਰਸ਼ਨ ਹੁਣ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਾ ਹੈ ।
ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਸਾਰੇ ਲੋਕ ਹੀ ਇਨ੍ਹਾਂ ਕਾਨੂੰਨਾਂ ਨੂੰ ਨਕਾਰ ਰਹੇ ਹਨ ਤਾਂ ਉਨ੍ਹਾਂ ਨੂੰ ਇਹ ਕਾਨੂੰਨ ਜਲਦ ਤੋਂ ਜਲਦ ਵਾਪਸ ਲੈ ਲੈਣੇ ਚਾਹੀਦੇ ਹਨ। ਰਣੀਕੇ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਇੰਨਾ ਅੜੀਅਲ ਅਤੇ ਹੰਕਾਰੀ ਪ੍ਰਧਾਨਮੰਤਰੀ ਦੇਖਿਆ ਹੈ ਜੋ ਸੌ ਤੋਂ ਜ਼ਿਆਦਾ ਦਿਨ ਪ੍ਰਦਰਸ਼ਨ ਹੋਣ ਦੇ ਬਾਵਜੂਦ ਵੀ ਆਪਣੀ ਗੱਲ ਤੇ ਅੜਿਆ ਹੋਇਆ ਹੈ ।