ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਆਰਜ਼ੀ ਦਫ਼ਤਰ ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਦੀ ਕੋਠੀ ਵਿਖੇ ਬਣਾਇਆ ਜਾ ਰਿਹਾ ਹੈ, ਜਿਥੇ ਅੱਜ ਗੁਰਦਰਸ਼ਨ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਰਜਿਸਟਰਾਰ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਿਆ ਹੈ।
ਉਚੇਰੀ ਸਿੱਖਿਆ ਵਿਭਾਗ ‘ਚ ਬਤੌਰ ਸਹਾਇਕ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੇ ਗੁਰਦਰਸ਼ਨ ਸਿੰਘ ਬਰਾੜ ਨੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਤਹਿ ਸਮੇਂ ‘ਚ ਸਾਰੇ ਕੰਮ ਨੂੰ ਮੁਕੰਮਲ ਕਰਕੇ ਯੂਨੀਵਰਸਿਟੀ ਦੀਆਂ ਕਲਾਸਾਂ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀਆਂ ਕਲਾਸਾਂ ਅਗਲੇ ਸਾਲ ਜਨਵਰੀ ‘ਚ ਸ਼ੁਰੂ ਕਰਨ ਲਈ ਖ਼ਾਕਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਪਹਿਲੇ ਸੈਸ਼ਨ ਦੌਰਾਨ ਬੀ.ਏ., ਬੀ.ਬੀ.ਏ. ਸਮੇਤ ਹੋਰ ਕਿੱਤਾ ਮੁਖੀ ਕੋਰਸ ਵੀ ਸ਼ੁਰੂ ਕਰਨ ਦੀ ਤਜਵੀਜ਼ ਹੈ।
ਇਸ ਮੌਕੇ ਰਜਿਸਟਰਾਰ ਗੁਰਦਰਸ਼ਨ ਸਿੰਘ ਬਰਾੜ ਨੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਵਿਦਿਆਰਥੀਆਂ ਦੀ ਪੱਤਰ ਵਿਹਾਰ ਵਿਧੀ ਰਾਹੀਂ ਆਨ-ਲਾਈਨ ਕੋਰਸਾਂ ਵੱਲ ਵੱਧ ਰਹੀ ਤਵੱਜੋ ਅਤੇ ਵਿਸ਼ਵ ਪੱਧਰ ‘ਤੇ ਸਿੱਖਿਆ ਦੇ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੂਨੀਵਰਸਿਟੀ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਾਲਜਾਂ ਦੇ ਪ੍ਰਿੰਸੀਪਲਾਂ ਪਾਸੋਂ ਸੁਝਾਅ ਪ੍ਰਾਪਤ ਕੀਤੇ ਅਤੇ ਜਲਦੀ ਹੀ ਯੂਨੀਵਰਸਿਟੀ ਲਈ ਲਾਇਬਰੇਰੀ, ਵੈਬ ਸਾਈਟ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਮੇਟੀ ਬਣਾਉਣ ਦੀ ਗੱਲ ਆਖੀ।