ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ, ਸੜਕ ਹਾਦਸੇ ਤੋਂ ਬਾਅਦ ਹਸਪਤਾਲ ‘ਚ ਪਿਆ ਦਿਲ ਦਾ ਦੌਰਾ!

Global Team
2 Min Read

ਚੰਡੀਗੜ੍ਹ : ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਜੇਪੀ (33) ਦੀ ਅਮਰੀਕਾ ਵਿੱਚ ਮੌਤ ਹੋ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 7 ਫਰਵਰੀ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਨੂੰ ਦੂਜਾ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਕਰੀਬ ਅੱਠ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਉੱਥੇ ਉਸ ਨੇ ਆਪਣੀ ਮਿਹਨਤ ਨਾਲ ਆਪਣਾ ਕਾਰੋਬਾਰ ਸਥਾਪਤ ਕੀਤਾ ਸੀ ਅਤੇ ਉਹ ਉਬਰ ਡਰਾਈਵਰ ਵਜੋਂ ਵੀ ਕੰਮ ਕਰ ਰਿਹਾ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ 7 ਫਰਵਰੀ ਨੂੰ ਗੁਰਪ੍ਰੀਤ ਸਿੰਘ ਸਵਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਉਣ ਜਾ ਰਿਹਾ ਸੀ। ਇਸੇ ਦੌਰਾਨ ਕਾਰ ਚਲਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਸੜਕ ‘ਤੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਗੁਰਪ੍ਰੀਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਸੀ। ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ।

ਹਸਪਤਾਲ ਵਿੱਚ ਇਲਾਜ ਦੌਰਾਨ ਹੀ ਉਸ ਨੂੰ ਦੂਜਾ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਗੁਰਪ੍ਰੀਤ ਦੀ ਪਤਨੀ ਅਤੇ ਦੋ ਛੋਟੇ ਬੱਚੇ ਵੀ ਉਨ੍ਹਾਂ ਦੇ ਨਾਲ ਅਮਰੀਕਾ ਵਿੱਚ ਹੀ ਰਹਿੰਦੇ ਹਨ। ਉਨ੍ਹਾਂ ਦੀ ਭੈਣ ਅਤੇ ਸਹੁਰਾ ਪਰਿਵਾਰ ਵੀ ਉੱਥੇ ਹੀ ਹਨ। ਗੁਰਪ੍ਰੀਤ ਦੇ ਜੀਜਾ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਇੱਕ ਪ੍ਰਤਿਭਾਸ਼ਾਲੀ ਅਤੇ ਨਿਮਰ ਨੌਜਵਾਨ ਸੀ ਜਿਸ ਨੇ ਆਪਣੀ ਮਿਹਨਤ ਨਾਲ ਇੱਕ ਚੰਗਾ ਕਾਰੋਬਾਰ ਖੜ੍ਹਾ ਕੀਤਾ ਸੀ। ਉਸ ਦੇ ਦੇਹਾਂਤ ਨਾਲ ਪਿੰਡ ਗੋਹਤ ਪੋਖਰ ਵਿੱਚ ਸੋਗ ਦੀ ਲਹਿਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment