ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ

Global Team
2 Min Read

ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਨੇ ਵੀ ਹਾਜ਼ਰੀ ਭਰੀ। ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤੇ ਗਏ।

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਂਦਿਆਂ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਬਾਬ ਵਜਾ ਕੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਹੋਣ ਦਾ ਮਾਨ ਪ੍ਰਾਪਤ ਕੀਤਾ। ਸਮਾਗਮ ਵਿਚ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।

Share this Article
Leave a comment