ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਰਿਪੋਰਟ ਮੰਗੀ

Global Team
2 Min Read

ਚੰਡੀਗੜ੍ਹ: ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੰਡੀ ਬੋਰਡ ਦੀਆਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਲੋੜੀਂਦੀ ਸਹਾਇਤਾ ਵਾਸਤੇ ਕੇਂਦਰ ਸਰਕਾਰ ਨੂੰ ਅੰਤਿਮ ਰਿਪੋਰਟ ਜਲਦੀ ਭੇਜੀ ਜਾਵੇਗੀ।

ਖੁੱਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਮੰਡੀਆਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਹਿਲਾ ਕੰਮ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਦੀ ਮੁਕੰਮਲ ਸਥਿਤੀ ਦਾ ਪਤਾ ਲਗਾਉਣਾ ਹੈ ਤਾਂ ਜੋ ਬਹਾਲੀ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾ ਸਕੇ।

ਮੀਟਿੰਗ ਵਿੱਚ ਹੜ੍ਹਾਂ ਦੇ ਨੁਕਸਾਨ ਦੇ ਮੁਲਾਂਕਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਮਲ ਵਿੱਚ ਲਿਆਂਦੇ ਜਾ ਰਹੇ ਲਿੰਕ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।

ਬਕਾਇਆ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਖੁੱਡੀਆਂ ਅਤੇ ਬਰਸਟ ਨੇ ਹੁਕਮ ਦਿੱਤੇ ਕਿ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਤੁਰੰਤ ਮਨਜ਼ੂਰ ਕੀਤੀਆਂ ਜਾਣ ਤਾਂ ਜੋ ਜਲਦ ਤੋਂ ਜਲਦ ਟੈਂਡਰ ਜਾਰੀ ਕਰਕੇ ਕੰਮ ਨੂੰ ਸ਼ੁਰੂ ਕੀਤਾ ਜਾ ਸਕੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਅਧਿਕਾਰੀਆਂ ਨੂੰ ਮੰਡੀ ਬੋਰਡ ਦੇ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਕਦਮ ਖਾਸ ਕਰਕੇ ਕੁਦਰਤੀ ਆਫ਼ਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹਨ।

Share This Article
Leave a Comment