ਗੁਰਨਾਮ ਸਿੰਘ ਚੜੂਨੀ  ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫਤੇ ਲਈ ਮੁਅੱਤਲ ਹੋਣ ਮਗਰੋਂ ਕੀਤਾ ਵੱਡਾ ਐਲਾਨ

TeamGlobalPunjab
2 Min Read

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ  ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਫਤੇ ਲਈ ਮੁਅੱਤਲ ਕਰਨ ਮਗਰੋਂ ਵੱਡਾ ਐਲਾਨ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ ਮੋਰਚੇ ਨਾਲ ਸਟੇਜ ‘ਤੇ ਨਹੀਂ ਜਾ ਸਕਣਗੇ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਸਕਣਗੇ।  ਇਸ ਦੌਰਾਨ ਚਢੂਨੀ  ਨੇ ਕਿਹਾ ਹੈ ਕਿ ਮੁਅੱਤਲੀ ਮਗਰੋਂ ਵੀ ਉਨ੍ਹਾਂ ਦਾ ਸਟੈਂਡ ਉਹੀ ਹੈ ਜੋ ਪਹਿਲਾਂ ਸੀ। ਇਸਦੇ ਨਾਲ ਹੀ ਚਢੂਨੀ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਕਿਤੇ ਇਹ ਨਾ ਸਮਝੇ ਕਿ ਸੰਯੁਕਤ ਕਿਸਾਨ ਮੋਰਚੇ ‘ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਹੋਰ ਵੱਧ ਸਰਗਰਮ ਹੋਣਗੇ।

ਚੜੂਨੀ ਨੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਜਨ ਲਾਲ ਸਰਕਾਰ, ਦੇਵੀ ਲਾਲ ਸਰਕਾਰ, ਚੌਟਾਲਾ ਸਰਕਾਰ ਤੇ ਮੌਜੂਦਾ ਗੱਠਜੋੜ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਹੀ ਸੱਤਾ ਵਿੱਚ ਆਈਆਂ ਪਰ ਸੱਤਾ ਵਿੱਚ ਆਉਣ ਮਗਰੋਂ ਕਿਸਾਨੀ ਮੰਗਾਂ ਤੋਂ ਪਿੱਛੇ ਹਟ ਗਈਆਂ।

ਚੜੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਮੋਰਚੇ ਨੇ ਹਾਲਾਂਕਿ ਚੜੂਨੀ ਦੇ ਇਸ ਬਿਆਨ ਤੋਂ ਖੁ਼ਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਇ ਦੱਸਿਆ ਸੀ।

Share this Article
Leave a comment