Home / ਸੰਸਾਰ / ਸਿੱਖ ਕੌਮ ਦਾ ਵਧਿਆ ਮਾਣ! ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਟੋਰੀਆ ਦੀ ਪਾਰਲੀਮੈਂਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੋਇਆ ਪ੍ਰਕਾਸ਼

ਸਿੱਖ ਕੌਮ ਦਾ ਵਧਿਆ ਮਾਣ! ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਟੋਰੀਆ ਦੀ ਪਾਰਲੀਮੈਂਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੋਇਆ ਪ੍ਰਕਾਸ਼

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ਾਂ-ਵਿਦੇਸ਼ਾਂ ‘ਚ ਸਮਾਗਮ ਕਰਵਾਏ ਜਾ ਰਹੇ ਹਨ। ਜਿੱਥੇ ਇੱਕ ਪਾਸੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ  ਕਾਰੀਡੋਰ ਦਾ ਉਦਘਾਟਨ ਕੀਤਾ ਜਾਣਾ ਹੈ। ਉਦਘਾਟਨ ਤੋਂ ਪ੍ਰਧਾਨ ਮੰਤਰੀ ਮੋਦੀ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕਰਨਗੇ।

ਦੱਸ ਦੇਈਏ ਕਿ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਤੋਂ ਪਹਿਲਾਂ ਆਸਟ੍ਰੇਲੀਅਨ ਮਲਟੀਕਲਚਰਲ ਸੰਸਥਾ, ਦਲ ਬਾਬਾ ਬੀਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਅਤੇ ਆਸਟ੍ਰੇਲੀਅਨ ਸਿੱਖ ਕੌਂਸਲ ਵੱਲੋਂ ਸਾਂਝੇ ਰੂਪ ‘ਚ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ‘ਚ ਸਥਿਤ ਪਾਰਲੀਮੈਂਟ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ।

ਇਹ ਪਹਿਲੀ ਵਾਰ ਸੀ ਕਿ ਵਿਕਟੋਰੀਆ ਸੂਬੇ ਦੀ ਪਾਰਲੀਮੈਂਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਜਿਸ ਮੌਕੇ ਇਲਾਹੀ ਬਾਣੀ ਦਾ ਪਾਠ ਤੇ ਸੰਖੀ ਸਾਜ਼ਾਂ ਨਾਲ ਕੀਰਤਨ ਵੀ ਕਰਵਾਇਆ ਗਿਆ।

ਦੋਵੇਂ ਪਾਰਟੀਆਂ ਦੇ ਮੈਂਬਰ ਪਾਰਲੀਮੈਂਟ ਇਸ ਸਮਾਗਮ ਮੌਕੇ ਉਚੇਚੇ ਤੌਰ ‘ਤੇ ਪਹੁੰਚੇ। ਪਾਠ ਤੇ ਕੀਰਤਨ ਦੀ ਸਮਾਪਤੀ ਤੋਂ ਬਾਅਦ ਇਸੇ ਸਮਾਗਮ ਦੀ ਲੜੀ ਨੂੰ ਅੱਗੇ ਤੋਰਦਿਆ ਇਸ ਮੌਕੇ ਆਸਟ੍ਰੇਲੀਅਨ ਹਮਾਇਤੀ ਕਲਚਰਲ ਸੰਸਥਾ ਵੱਲੋਂ ਬੀਬੀ ਜਗੀਰ ਕੌਰ ਨੇ ਸਮਾਗਮ ‘ਚ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਸਿੱਖ ਧਰਮ ਦੇ ਇਤਿਹਾਸ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਅਮਰੀਕਾ ਤੋਂ ਸਿੱਖ ਰਿਸਰਚ ਇੰਸਟੀਚਿਊਟ ਤੋਂ ਸਮਾਗਮ ‘ਚ ਵਿਸ਼ੇਸ਼ ਤੌਰ ਤੇ ਪਹੁੰਚੇ ਡਾ. ਹਰਿੰਦਰ ਸਿੰਘ ਨੇ ਗੁਰੂ ਨਾਨਕ ਪਾਤਸ਼ਾਹ ਦੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਨੂੰ ਸਾਂਝਾ ਕੀਤਾ।

ਇਸ ਮੌਕੇ ਪਾਰਲੀਮੈਂਟ ਮੈਂਬਰ ਮਾਰੀਆ ਵੈਮਵਕੀਨੋ, ਬੋਬ ਮਿੱਚਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਕੈਨਬਰਾ ਅਸੈਂਬਲੀ ਦੇ ਪਹਿਲੇ ਭਾਰਤੀ ਸੰਸਦ ਮੈਂਬਰ ਦੀਪਕ ਰਾਜ ਗੁਪਤਾ ਨੇ ਕਿਹਾ ਕਿ ਇਹ ਸਾਡੀ ਸਿੱਖ ਕੌਮ ਲਈ ਬੜੇ ਮਾਣ ਦੀ ਗੱਲ ਹੈ ਕਿ ਅੱਜ ਵਿਕਟੋਰੀਆ ਦੀ ਪਾਰਲੀਮੈਂਟ ‘ਚ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ 30 ਨਵੰਬਰ ਨੂੰ ਕੈਨਬਰਾ ਦੀ ਸੰਸਦ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੀ ਸੰਗਤ ਨੂੰ ਆਉਣ ਦਾ ਸੱਦਾ ਦਿੱਤਾ।

ਉਸ ਸਮਾਗਮ ਮੌਕੇ ਪਾਕਿਸਤਾਨ ਚੀਫ ਕਮਿਸ਼ਨਰ ਬਾਬਰ ਆਮੀਨ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਸੁਖਾਵੇਂ ਬਣਾਉਣ ਲਈ ਇੱਕ ਵਧੀਆ ਕਦਮ ਹੈ। ਜਿਸ ਦੀ ਸਾਨੂੰ ਬਹੁਤ ਖੁਸ਼ੀ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਆਸਟ੍ਰੇਲੀਆ ਦਾ ਜੋ ਵੀ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦਾ ਹੈ, ਉਨ੍ਹਾਂ ਲਈ ਵੀਜ਼ਾ ਪ੍ਰਕਿਰਿਆ ਬਹੁਤ ਹੀ ਸਰਲ ਕੀਤੀ ਗਈ ਹੈ।

ਇਸ ਮੌਕੇ ਵਿਕਟੋਰੀਆ ਦੇ ਮਲਟੀਕਲਚਰਲ ਮੰਤਰੀ ਰਿਚਰਡ ਵਿਨ ਵੀ ਉਚੇਚੇ ਤੌਰ ਤੇ ਪਹੁੰਚੇ। ਇਸ ਤੋਂ ਬਿਨ੍ਹਾ ਹੋਰ ਵੀ ਬਹੁਤ ਸਾਰੀਆਂ ਸੰਗਤਾਂ ਨੇ ਇਸ ਸਮਾਗਮ ਮੌਕੇ ਸ਼ਮੂਲੀਅਤ ਕੀਤੀ। ਇਸ ਸਮਾਗਮ ਨੂੰ ਸਫਲ ਬਣਾਉਣ ‘ਚ ਭਾਈ ਗੁਰੀ ਸਿੰਘ, ਭਾਈ ਗੁਰਬਚਨ ਸਿੰਘ, ਅਵਤਾਰ ਸਿੰਘ ਤੇ ਹਰਕਿਰਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

Check Also

ਸਾਉਣੀ ਦੀਆਂ ਫ਼ਸਲਾਂ ਬਾਰੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਸਾਉਣੀ ਦੀਆਂ ਫ਼ਸਲਾਂ ਲਈ …

Leave a Reply

Your email address will not be published. Required fields are marked *